ਕੋਵਿਡ-19 ਤੋਂ ਬਚਣ ਲਈ ਹਰ ਵਿਅਕਤੀ ਆਪਣੀ ਨਿੱਜੀ ਜਿੰਮੇਵਾਰੀ ਸਮਝੇ- ਸੋਨੀ
*ਕੰਮਾਂ ਦੀ ਗੁਣਵੱਤਾ ਵਿੱਚ ਨਹੀਂ ਬਰਦਾਸ਼ਤ ਕੀਤੀ ਜਾਵੇਗੀ ਅਣਗਹਿਲੀ **ਵਾਰਡ ਨੰ: 50 ਚ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ / 2 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਅਸੀਂ ਸਾਰੇ ਕੋਵਿਡ -19 ਦੇ ਖਿਲਾਫ ਇਕ ਜੰਗ ਲੜ ਰਹੇ ਹਾਂ ਅਤੇ ਇਹ ਜੰਗ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਲੋਕ ਆਪਣੀ ਨਿੱਜੀ ਜਿੰਮੇਵਾਰੀ ਸਮਝਣ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 50 ਅਧੀਨ ਆਉਂਦੇ ਇਲਾਕੇ ਗੁਜਰਾਤੀ ਬਸਤੀ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਦੇ ਉਦਘਾਟਨ ਕਰਨ ਸਮੇਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ 19 ਦਾ ਮੁਕਾਬਲਾ ਕਰਨ ਲਈ ਹਰੇਕ ਤਰਾਂ ਦੇ ਕਦਮ ਚੁੱਕੇ ਜਾ ਰਹੇ ਹਨ ਤੇ ਕਰੋਨਾ ਮਰੀਜਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਵਿੱਚਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਇਲ ਟੈਸਟਿੰਗ ਵੈਨਾਂ ਹਰੇਕ ਮੁਹੱਲੇ ਵਿੱਚ ਜਾ ਕੇ ਲੋਕਾਂ ਦਾ ਮੁਫ਼ਤ ਟੈਸਟ ਕਰ ਰਹੀਆਂ ਹਨ। ਉਨਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।
ਸ੍ਰੀ ਸੋਨੀ ਨੇ ਕਿਹਾ ਕਿ ਲਾਕਡਾਊਨ ਸਮੇਂ ਦੌਰਾਨ ਵੀ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਗਏ ਹਨ। ਸ੍ਰੀ ਸੋਨੀ ਨੇ ਵਾਰਡ ਨੰ: 50 ਵਿੱਚ ਗਲੀਆਂ ਨਾਲੀਆਂ ਬਣਾਉਣ ਵਾਲੇ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮਾਂ ਦੀ ਗੁਣਵੱਤਾ ਦਾ ਪੂਰਾ ਧਿਆਨ ਵਿੱਚ ਰੱਖਿਆ ਜਾਵੇ ਇਸ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਸੋਨੀ ਨੇ ਕਿਹਾ ਕਿ ਆਉਂਦੇ ਤਿੰਨ ਚਾਰ ਮਹੀਨਿਆਂ ਵਿੱਚ ਸਾਰੀਆਂ ਵਾਰਡਾਂ ਦੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ। ਉਨਾਂ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰਨ ਲਈ ਹਰੇਕ ਵਾਰਡ ਵਿੱਚ ਟਿਊਬਵੈਲ ਲਗਾਏ ਗਏ ਹਨ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੌਰ, ਸ੍ਰੀ ਸੁਰੇਸ਼ ਕੁਮਾਰ, ਸ਼੍ਰੀ ਸ਼ਾਮ ਲਾਲ, ਕਮਲ ਕੁਮਾਰ, ਰਾਜ ਕੁਮਾਰ, ਤਿਲਕ ਰਾਜ, ਮਨੋਜ ਕੁਮਾਰ ਅਤੇ ਹੋਰ ਇਲਾਕਾ ਵਾਸੀ ਹਾਜਰ ਸਨ।