ਸ਼ਿੱਦਤ ਨਾਲ ਸੇਵਾਵਾਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਹੋਵੇਗਾ ਸਨਮਾਨ: ਨਵਜੋਤ ਸਿੰਘ ਮਾਹਲ
*ਐਸ.ਐਸ.ਪੀ. ਨੇ ਸ਼ਲਾਘਾਯੋਗ ਸੇਵਾਵਾਂ ਦੇਣ ਬਦਲੇ ਕਾਂਸਟੇਬਲ ਨਵਨੀਤ ਸਿੰਘ ਨੂੰ ਦਿੱਤਾ ਪ੍ਰਸ਼ੰਸਾ ਪੱਤਰ
ਹੁਸ਼ਿਆਰਪੁਰ / 10 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ ਸ਼ਿੱਦਤ, ਲਗਨ ਅਤੇ ਤਨਦੇਹੀ ਨਾਲ ਸੇਵਾਵਾਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਵਿਸ਼ੇਸ਼ ਸਮਾਗਮ ਉਲੀਕ ਕੇ ਅਜਿਹੇ ਜੀਅ ਜਾਨ ਨਾਲ ਅਮਨ ਕਾਨੂੰਨ ਦੀ ਬਹਾਲੀ ਨੂੰ ਬਰਕਰਾਰ ਰੱਖਣ ਵਾਲੇ ਜਵਾਨਾਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ।
ਸਥਾਨਕ ਪੁਲਿਸ ਲਾਈਨ ਵਿਖੇ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਥਾਣਾ ਸਦਰ ’ਚ ਤਾਇਨਾਤ ਕਾਂਸਟੇਬਲ ਨਵਨੀਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਅਤੇ ਭੈੜੇ ਅਨਸਰਾਂ ਨੂੰ ਨੱਥ ਪਾਉਣਾ ਪੁਲਿਸ ਦਾ ਮੁਢਲਾ ਕੰਮ ਹੈ ਜਿਸ ਨੂੰ ਮੁੱਖ ਤਰਜ਼ੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਗੈਰ ਕਾਨੂੰਨੀ ਸਰਗਰਮੀ ਦੀ ਭਿਣਕ ਲਗਦੀ ਹੈ ਤਾਂ ਉਹ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿ ਕਰੇ, ਤਾਂ ਜੋ ਲੋਕ ਹਿੱਤਾਂ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਐਸ.ਪੀ. (ਜਾਂਚ) ਰਵਿੰਦਰ ਪਾਲ ਸਿੰਘ ਸੰਧੂ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਐਸ.ਐਸ.ਪੀ ਮਾਹਲ ਨੇ ਪੁਲਿਸ ਮੁਲਾਜ਼ਮਾਂ ਨੂੰ ਹੋਰ ਵੀ ਵਧੇਰੇ ਚੁਸਤੀ-ਫੁਰਤੀ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲਾਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ਸਿਰ ਪ੍ਰਸ਼ੰਸਾ ਪੱਤਰਾਂ ਨਾਲ ਨਿਵਾਜਿਆ ਜਾਵੇਗਾ।