ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ **13 ਅਗਸਤ ਨੂੰ ਹੋਵੇਗੀ ਫਾਇਨਲ ਰਿਹਰਸਲ

ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਅਤੇ ਹੋਰ ਅਧਿਕਾਰੀ।
ਅੰਮ੍ਰਿਤਸਰ / 11 ਅਗਸਤ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਦੱਸਿਆ ਕਿ ਸਮਾਗਮ ਮੌਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨਾਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਮਿਹਨਤ ਤੇ ਲਗਨ ਨਾਲ ਪੂਰਾ ਕਰਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਮੱਦੇਨਜ਼ਰ ਆਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਜਾਰੀ ਹਦਾਇਤਾਂ ਤਹਿਤ ਜ਼ਿਲਾ ਪੱਧਰੀ ਸਮਾਗਮ ਸੰਖੇਪ ਰੂਪ ਵਿਚ ਕਰਵਾਇਆ ਜਾਵੇਗਾ ਅਤੇ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਦੌਰਾਨ ਉਨਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਟੇਜ ਦੀ ਸਜਾਵਟ, ਗਰਾਊਂਡ ਦੀ ਸਾਫ਼-ਸਫ਼ਾਈ, ਸੈਨੇਟਾਈਜ਼ੇਸ਼ਨ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈੱਸ ਸਿਸਟਮ, ਰਿਕਵਰੀ ਵੈਨ, ਫਾਇਰ ਟੈਂਡਰ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ, ਬੈਠਣ ਦੇ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ।

ਇਸ ਮੌਕੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿਲ ਨੇ ਕਿਹਾ ਕਿ ਸਮਾਗਮ ਦੌਰਾਨ ਸੁਰੱਖਿਆ, ਪਾਰਕਿੰਗ ਅਤੇ ਸੁਚਾਰੂ ਆਵਾਜਾਈ ਦੇ ਪੁਖਤ ਇੰਤਜਾਮ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਐਸ. ਡੀ. ਐਮ ਅੰਮ੍ਰਿਤਸਰ-1 ਅਤੇ 2 ਸ੍ਰੀ ਵਿਕਾਸ ਹੀਰਾ ਤੇ ਸ੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।