ਕੋਵਿਡ 19 ਦੇ ਲੱਛਣ ਹੋਣ ਤੇ ਬਿਨ੍ਹਾਂ ਕਿਸੇ ਡਰ ਭੈਅ ਦੇ ਟੈਸਟ ਕਰਵਾਉ- ਮੂਧਲ
*ਰਿਪੋਰਟ ਪੋਜ਼ਿਟਿਵ ਹੋਣ ਤੇ ਘਰ ਵਿੱਚ ਹੀ ਇਕਾਂਤਵਾਸ ਹੋ ਕੇ ਕੀਤਾ ਜਾ ਸਕਦਾ ਹੈ ਇਲਾਜ **ਕੋਰੋਨਾ ਵਾਇਰਸ ਤੇ ਜਿੱਤ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ
ਅੰਮ੍ਰਿਤਸਰ / 6 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ ਤੋਂ ਬਾਅਦ ਜੇਕਰ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਂਉਦੀ ਹੈ ਤਾਂ ਸਾਧਾਰਨ ਹਾਲਾਂਤਾ ਵਿਚ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ, ਜਿਆਦਾ ਜ਼ਰੂਰੀ ਹੋਣ ਤੇ ਹੀ ਹਸਪਤਾਲ ਵਿੱਚ ਦਾਖਲ ਕੀਤਾ ਜਾਂਦਾ ਹੈ। ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਸਿੰਘ ਮੂਧਲ, ਜਿੰਨਾ ਨੂੰ ਟੈਸਟਿੰਗ ਦਾ ਨੋਡਲ ਅਧਿਕਾਰੀ ਬਣਾਇਆ ਗਿਆ ਹੈ, ਨੇ ਲੋਕਾਂ ਨੂੰ ਕੋਵਿਡ 19 ਦੇ ਲੱਛਣ ਹੋਣ ਤੇ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਵਿਡ19 ਦੇ ਲੱਛਣ ਆਂਉਦੇ ਹਨ ਤਾਂ ਉਹ ਬਿਨ੍ਹਾਂ ਕਿਸੇ ਡਰ ਭੈਅ ਦੇ ਆਪਣਾਂ ਟੈਸਟ ਜ਼ਰੂਰ ਕਰਵਾਏ, ਕਿਊਂਕਿ ਇਹ ਜ਼ਰੂਰੀ ਨਹੀਂ ਹੈ ਕਿ ਪੋਜ਼ਿਟਿਵ ਆਉਣ ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕੀਤਾ ਜਾਵੇਗਾ, ਜੇਕਰ ਪੋਜ਼ਿਟਿਵ ਆਏ ਮਰੀਜ ਨੂੰ ਘੱਟ ਲੱਛਣ ਜਾਂ ਕੋਈ ਲੱਛਣ ਨਹੀਂ ਹੈ ਤਾਂ ਉਹ ਘਰ ਵਿੱਚ ਇਕਾਂਤਵਾਸ ਹੋਣ ਦਾ ਵਿਕਲਪ ਚੁਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਵੱਲੋਂ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕਰਨ ਦੀ ਸਹੂਲਤ ਦਿੱਤੀ ਗਈ ਹੈ ਅਤੇ ਮਰੀਜ ਨੂੰ ਘਰ ਵਿੱਚ ਹੀ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜਾਂ ਫਿਰ ਮੈਡੀਕਲ ਹੈਲਪਲਾਈਨ ਨੰ: 104 ਤੋਂ ਵੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ19 ਦੇ ਲੱਛਣ ਹੋਣ ਤੇ ਕਿਸੇ ਵੀ ਡਾਕਟਰੀ ਪਰਚੀ ਦੀ ਜ਼ਰੂਰਤ ਨਹੀਂ ਹੈ ਤੇ ਕੋਈ ਵੀ ਖੁਦ ਆਪਣਾ ਟੈਸਟ ਕਰਵਾ ਸਕਦਾ ਹੈ ਅਤੇ ਇਹ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾ ਵਿੱਚ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਪੋਜ਼ਿਟਿਵ ਮਰੀਜ ਦੇ ਸੰਪਰਕ ਵਿੱਚ ਆਂਉਦਾ ਹੈ ਤਾਂ ਉਹ ਵੀ ਆਪਣਾ ਟੈਸਟ ਜ਼ਰੂਰ ਕਰਵਾਏ।
ਉਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਵਿਚ ਸਹਿਯੋਗ ਕਰਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਵਧਾਨੀਆਂ ਜਿਵੇ ਕਿ ਮਾਸਕ ਪਹਿਨਣਾ, ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣਾ ਆਦਿ ਪਾਲਣਾ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਸਰਕਾਰ ਤਾਂ ਆਪਣੇ ਪੱਧਰ ‘ਤੇ ਉਪਰਾਲੇ ਕਰ ਹੀ ਰਹੀ ਹੈ ਪ੍ਰੰਤੂ ਆਮ ਲੋਕਾਂ ਨੂੰ ਵੀ ਇਸ ਮਹਾਂਮਾਰੀ ਦੇ ਖਾਤਮੇ ਲਈ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।