ਸ੍ਰੀ ਓ ਪੀ ਸੋਨੀ ਅਤੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਜਿਲੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ
*ਮਿਸ਼ਨ ਫਤਹਿ ਤਹਿਤ ਰਾਸ਼ਨ ਕਾਰਡ ਧਾਰਕਾਂ ਨੂੰ ਮਾਸਕ ਵੰਡਣ ਦਾ ਪ੍ਰੋਗਰਾਮ ਵੀ ਸ਼ੁਰੂ
ਅੰਮ੍ਰਿਤਸਰ / 12 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਕੀਤੀ ਗਈ ਸ਼ੁਰੂਆਤ ਦੇ ਤਰੁੰਤ ਬਾਅਦ ਅੰਮ੍ਰਿਤਸਰ ਜਿਲੇ ਵਿਚ ਵੀ ਇਹ ਕਾਰਡ ਵੰਡਣ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਅਤੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਕਰ ਦਿੱਤੀ ਗਈ। ਦੱਸਣਯੋਗ ਹੈ ਕਿ ਜਿਲੇ ਦੇ ਕਰੀਬ 3 ਲੱਖ 20 ਹਜ਼ਾਰ ਅਤੇ ਸੂਬੇ ਵਿਚ 1.41 ਕਰੋੜ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਇਸ ਦਾ ਲਾਭ ਦਿੱਤਾ ਜਾਣਾ ਹੈ। ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਗਿਆ ਹੈ, ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ ਵਾਲੇ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ, ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ।
ਇਸ ਮੌਕੇ ਸ੍ਰੀ ਓ ਪੀ ਸੋਨੀ ਨੇ ਸਪੱਸ਼ਟ ਕੀਤਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ ਦੀ ਹੱਦ 1.41 ਕਰੋੜ ਤੈਅ ਕਰ ਦਿੱਤੀ ਸੀ ਅਤੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਐਨ.ਐਫ.ਐਸ.ਏ. ਤਹਿਤ ਕਵਰ ਨਾ ਹੋਣ ਵਾਲੇ 9 ਲੱਖ ਯੋਗ ਲੋਕਾਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਨ ਨਾਲ ਸਹਿਮਤੀ ਨਹੀਂ ਪ੍ਰਗਟਾਈ ਸੀ। ਇਸ ਕਰਕੇ ਵਾਂਝੇ ਰਹਿ ਗਏ ਅਜਿਹੇ ਸਾਰੇ ਯੋਗ ਵਿਅਕਤੀਆਂ ਨੂੰ ਸੂਬਾ ਸਰਕਾਰ ਦੁਆਰਾ ਫੰਡ ਕੀਤੀ ਇਕ ਸਕੀਮ ਤਹਿਤ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀਡਿਓ ਕਾਨਫਰੰਸ ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਨੇ ਕਿਹਾ ਕਿ ਇਸ ਸਕੀਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀਆਂ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖਰੀਦ ਕਰਨ ਦੀ ਖੁੱਲ ਹੋਵੇਗੀ।
ਸ੍ਰੀ ਸੋਨੀ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਵਿਚ ਇਸ ਨੂੰ ਇਕ ਵੱਡੀ ਪੁਲਾਂਘ ਦੱਸਦਿਆਂ ਕਿਹਾ ਕਿ ਇਸ ਕਦਮ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਦਾ ਕੀਤਾ ਜਾਂਦਾ ਸੋਸ਼ਣ ਬੰਦ ਹੋਵੇਗਾ। ਉਨਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਇਕ ਲਾਭਪਾਤਰੀ ਨੂੰ ਇਹ ਅਧਿਕਾਰ ਦਿੰਦਾ ਹੈ ਕਿ ਉਹ ਆਪਣੇ ਹਿੱਸੇ ਦੀ ਖੁਰਾਕ ਪੰਜਾਬ ਭਰ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਹਾਸਲ ਕਰ ਸਕੇ।
ਡਾ. ਰਾਜ ਕੁਮਾਰ ਵੇਰਕਾ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਕਲੀ ਲਾਭਪਾਤਰੀਆਂ ਅਤੇ ਅਯੋਗ ਲੋਕਾਂ, ਜਿਨਾਂ ਨੂੰ ਬੀਤੀ ਅਕਾਲੀ-ਭਾਜਪਾ ਸਰਕਾਰ ਵੱਲੋਂ ਅਸਲ ਲਾਭਪਾਤਰੀਆਂ ਨੂੰ ਅਣਗੌਲਿਆ ਕਰਕੇ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਸੀ, ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਹੈ। ਉਨਾਂ ਕਿਹਾ ਕਿ ਇਨਾਂ ਸਮਾਰਟ ਕਾਰਡਾਂ ਕਰਕੇ ਲਾਭਪਾਤਰੀਆਂ ਨੂੰ ਕਿਸੇ ਵੀ ਦੁਕਾਨ ਤੋਂ ਰਾਸ਼ਨ ਲੈਣ ਵਿੱਚ ਮੱਦਦ ਮਿਲੇਗੀ ਅਤੇ ਇਸ ਨਾਲ ਰਾਸ਼ਨ ਡਿਪੂਆਂ ਦਾ ਏਕਾਧਿਕਾਰ ਖਤਮ ਹੋਵੇਗਾ। ਕਾਰਡਧਾਰਕ ਦੇ ਬਾਇਓਮੀਟਰਕ ਦੀ ਪਛਾਣ ਸਮਾਰਟ ਰਾਸ਼ਨ ਕਾਰਡ ਵਿਚਲੇ ਚਿੱਪ ਵਿੱਚ ਸਟੋਰ ਕੀਤੇ ਅੰਕੜਿਆਂ ਨਾਲ ਕੀਤੀ ਜਾਵੇਗੀ ਤਾਂ ਜੋ ਰਾਸ਼ਨ ਦੀ ਗੈਰ-ਵਾਜਬ ਤਬਦੀਲੀ ਨਾ ਹੋ ਸਕੇ। ਸ. ਇੰਦਰਬੀਰ ਸਿੰਘ ਬੁਲਾਰੀਆ ਨੇ ਇਹ ਕਾਰਡ ਲਾਂਚ ਕੀਤੇ ਜਾਣ ਨੂੰ ਸੂਬਾ ਸਰਕਾਰ ਵੱਲੋਂ ਇਕ ਹੋਰ ਵਾਅਦਾ ਪੂਰਾ ਕਰਨਾ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰੀ ਕੋਰੋਨਾ ਸੰਕਟ ਦੇ ਕਾਰਨ ਪੈਦਾ ਹੋਈ ਵਿੱਤੀ ਔਕੜਾਂ ਦੇ ਬਾਵਜੂਦ ਲੋਕ ਭਲਾਈ ਦੇ ਕਾਰਜ ਉਤੇ ਸਖਤੀ ਨਾਲ ਪਹਿਰਾ ਦੇ ਰਹੀ ਹੈ। ਸ੍ਰੀ ਸੁਨੀਲ ਦੱਤੀ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਿਕਾਸ ਦੇ ਕੰਮ ਨਿਰੰਤਰ ਬੇਰੋਕ ਜਾਰੀ ਹਨ ਅਤੇ ਪਾਰਦਰਸ਼ੀ ਤਰੀਕੇ ਨਾਲ ਜਨਤਕ ਰਾਸ਼ਨ ਵੰਡਣ ਦੀ ਸਕੀਮ ਨੂੰ ਲਾਗੂ ਕਰਨ ਵਰਗੇ ਵੱਡੇ ਕਾਰਜ ਦੀ ਅੱਜ ਰਾਜ ਭਰ ਵਿਚ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਖਹਿਰਾ ਦੀ ਅਗਵਾਈ ਹੇਠ ਜਿਲੇ ਦੇ 60 ਹਜ਼ਾਰ ਲੋਕਾਂ ਨੂੰ ਕੋਰੋਨਾ ਸੰਕਟ ਦੇ ਚੱਲਦੇ ਮਾਸਕ ਦੇਣ ਦੀ ਸ਼ੁਰੂਆਤ ਵੀ ਕੀਤੀ ਗਈ। ਰੈਡ ਕਰਾਸ ਦੀ ਸਹਾਇਤਾ ਨਾਲ ਮਿਸ਼ਨ ਫਤਹਿ ਤਹਿਤ ਤਿਆਰ ਕੀਤੇ ਗਏ ਇਹ ਮਾਸਕ ਵੀ ਅੱਜ ਸ੍ਰੀ ਸੋਨੀ ਵੱਲੋਂ ਹਾਜ਼ਰ ਲੋਕਾਂ ਵਿਚ ਵੰਡੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਸ: ਰਣਬੀਰ ਸਿੰਘ ਮੁਧਲ , ਐਸ:ਡੀ:ਐਮਜ਼ ਸ੍ਰੀ ਵਿਕਾਸ ਹੀਰਾ ਤੇ ਸ਼ਿਵਰਾਜ ਸਿੰਘ ਬੱਲ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖ਼ਸ਼ੀ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਰੁਣ ਪੱਪਲ, ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਸ੍ਰ ਪ੍ਰ੍ਰਗਟ ਸਿੰਘ ਧੁਨਾ, ਜਿਲਾ ਖੁਰਾਕ ਤੇ ਸਪਲਾਈ ਅਫਸਰ ਸ੍ਰੀਮਤੀ ਜਸਜੀਤ ਕੌਰ, ਕੌਂਸਲਰ ਸ੍ਰੀ ਵਿਕਾਸ ਸੋਨੀ, ਸ੍ਰੀ ਸੁਰਿੰਦਰ ਛਿੰਦਾ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਗੁਰਦੇਵ ਸਿੰਘ ਦਾਰਾ, ਸ੍ਰ ਸਰਬਜੀਤ ਸਿੰਘ ਲਾਟੀ, ਸ੍ਰੀ ਸੁਨੀਲ ਕਾਉਂਟੀ, ਸ੍ਰੀ ਅਸ਼ਵਨੀ ਪੱਪੂ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਇਸ ਚੇਅਰਮੈਨ ਪ੍ਰਿੰਸ ਖੁੱਲਰ, ਸ੍ਰੀ ਵਿਰਾਟ ਦੇਵਗਨ, ਸ੍ਰੀ ਸੰਜੀਵ ਟਾਂਗਰੀ, ਸਕੱਤਰ ਸਿੰਘ ਬੱਬੂ, ਸ੍ਰੀ ਪ੍ਰਮੋਦ ਬਬਲਾ, ਸ੍ਰੀ ਵਨੀਤ ਗੁਲਾਟੀ, ਸ੍ਰੀ ਜਗਦੀਸ਼ ਕਾਲੀਆ, ਸ੍ਰੀ ਅਰੁਣ ਜੋਸ਼ੀ, ਸ੍ਰੀ ਵਿਕਾਸ ਦੱਤ, ਤਹਿਸੀਲਦਾਰ ਸ: ਮਨਜੀਤ ਸਿੰਘ, ਅਤੇ ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ ਵੀ ਹਾਜ਼ਰ ਸਨ।