ਜਿਲ੍ਹੇ ਦੀਆਂ ਮੰਡੀਆਂ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ- ਡਿਪਟੀ ਕਮਿਸ਼ਨਰ
*ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਅੰਮਿ੍ਤਸਰ / 27 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਝੋਨੇ ਦੀ ਸੁਚੱਜੀ ਖਰੀਦ ਯਕੀਨੀ ਬਨਾਉਣ ਲਈ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਕਿ ਕੋਵਿਡ-19 ਦੇ ਚੱਲਦੇ ਮੰਡੀਆਂ ਵਿਚ ਖਰੀਦ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਉਨਾਂ ਕਣਕ ਖਰੀਦ ਵੇਲੇ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਸਾਬਾਸ਼ ਦਿੰਦੇ ਉਸੇ ਤਰਾਂ ਦੇ ਪ੍ਰਬੰਧ ਮੁੜ ਦੁਹਰਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਭਾਵੇਂ ਪਹਿਲਾਂ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ, ਪਰ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਅੱਜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਕੰਮ ਤਰੁੰਤ ਪੂਰੇ ਕਰਵਾਏ ਜਾਣ।
ਉਨਾਂ ਦੱਸਿਆ ਕਿ ਜਿਲ੍ਹੇ ਵਿਚ 71 ਮੰਡੀਆਂ ਝੋਨੇ ਦੀ ਖਰੀਦ ਲਈ ਬਣਾਈਆਂ ਗਈਆਂ ਹਨ ਅਤੇ ਸਾਰੇ ਖਰੀਦ ਕੇਂਦਰਾਂ ਉਤੇ ਰੌਸ਼ਨੀ, ਪੀਣ ਵਾਲੇ ਪਾਣੀ ਅਤੇ ਸਫਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨਾਂ ਉਪ ਮੰਡਲ ਮੈਜਿਸਟ੍ਰੇਟ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਦੀਆਂ ਮੰਡੀਆਂ ਦਾ ਦੌਰਾ ਕਰਨ ਅਤੇ ਉਥੇ ਖਰੀਦ ਦੀ ਜਾਂਚ ਕਰਦੇ ਰਹਿਣ। ਉਨ੍ਹਾਂ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ ਮੰਡੀਆਂ ਵਿੱਚ ਕੋਵਿਡ ਸਬੰਧੀ ਸਿਹਤ ਸਲਾਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਹੱਥ ਧੋਣ ਲਈ ਸਾਬਣਾਂ ਅਤੇ ਸੈਨੇਟਾਈਜ਼ਰ, ਮਾਸਕ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਮੀਟਿੰਗ ਵਿਚ ਜਿਲ੍ਹਾ ਮੰਡੀ ਅਧਿਕਾਰੀ ਸ. ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੰਡੀ ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ ਏ ਗਰੇਡ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰੀ ਖਰੀਦ ਲਈ ਝੋਨੇ ਦੀ ਨਮੀ 17 ਪ੍ਰਤੀਸ਼ਤ ਤੋਂ ਵੱਧ ਨਹੀ ਹੋਣੀ ਚਾਹੀਦੀ। ਉਨਾਂ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁੱਕਾ ਤੇ ਸਾਫ ਝੋਨਾ ਮੰਡੀ ਵਿਚ ਲਿਆਉਣ ਤਾਂ ਜੋ ਕਿਸਾਨ ਨੂੰ ਮੰਡੀ ਵਿਚ ਜ਼ਿਆਦਾ ਸਮਾਂ ਖਰੀਦ ਦਾ ਇੰਤਜ਼ਾਰ ਨਾ ਕਰਨਾ ਪਵੇ।