25 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਵਿਧਾਨ ਸਭਾ ਹਲਕੇ ਦੀ ਬਦਲੀ ਜਾਵੇਗੀ ਨੁਹਾਰ ***ਵਿਕਾਸ ਕੰਮ ਮਿਥੇ ਸਮੇਂ ਅੰਦਰ ਕਰਨ ਦੀ ਹਦਾਇਤ ***ਕੰਮ ਦੇ ਮਿਆਰ ਨਾਲ ਕੋਈ ਸਮਝੌਤਾ ਨਹੀਂ-ਸੋਨੀ
ਅੰਮ੍ਰਿਤਸਰ, 12 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਨੁਹਾਰ ਬਦਲਣ ਲਈ 25-25 ਕਰੋੜ ਦਿੱਤੇ ਜਾ ਰਹੇ ਹਨ ਜਿਸ ਨਾਲ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵਿਕਾਸ ਕਾਰਜਾਂ ਦੀ ਬਹਾਰ ਆ ਜਾਵੇਗੀ।
ਇਸ ਸਬੰਧੀ ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਮੀਟਿੰਗ ਕਰਦਿਆਂ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਮੰਤਰੀ ਪੰਜਾਬ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਦੇ ਸਾਰੇ ਟੈਂਡਰ ਲੱਗ ਚੁੱਕੇ ਹਨ ਅਤੇ ਆਉਂਦੇ ਕੁਝ ਹੀ ਦਿਨਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਸ਼ੁਰੂ ਹੋ ਜਾਣਗੇ। ਉਨਾਂ ਦੱਸਿਆ ਕਿ ਇਨਾਂ ਵਿਕਾਸ ਕਾਰਜਾਂ ਵਿੱਚ ਗਲੀਆਂ, ਨਾਲੀਆਂ, ਪਾਰਕਾਂ ਅਤੇ ਪੀਣ ਵਾਲੇ ਪਾÎਣੀ ਦੇ ਨਵੇਂ ਟਿਊਬਵੈਲ ਲਗਾਏ ਜਾਣਗੇ। ਸ੍ਰੀ ਸੋਨੀ ਨੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇਂ ਦੌਰਾਨ ਪੂਰੇ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ।
ਸ੍ਰੀ ਸੋਨੀ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਜੋ ਕਿਹਾ ਉਹ ਕਰ ਵਿਖਾਇਆ ਹੈ। ਉਨਾਂ ਕਿਹਾ ਕਿ ਲਾਕਡਾਊਨ ਦੌਰਾਨ ਵੀ ਸਰਕਾਰ ਵੱਲੋਂ ਵਿਕਾਸ ਕਾਰਜ ਨਿਰੰਤਰ ਜਾਰੀ ਰੱਖੇ ਗਏ ਹਨ। ਇਸ ਮੀਟਿੰਗ ਵਿੱਚ ਕੌਂਸਲਰ ਵਿਕਾਸ ਸੋਨੀ, ਐਸ:ਸੀ ਦਪਿੰਦਰ ਸੰਧੂ, ਐਕਸੀਅਨ ਸੰਦੀਪ ਕੁਮਾਰ, ਐਕਸੀਅਨ ਇੰਦਰਜੀਤ ਸਿੰਘ’ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।
——-
ਕੈਪਸ਼ਨ :ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਮੰਤਰੀ ਪੰਜਾਬ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਜਿਲੇ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ। ਨਾਲ ਨਜਰ ਆ ਰਹੇ ਹਨ ਕੌਂਸਲਰ ਵਿਕਾਸ ਸੋਨੀ।