ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ **ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜ਼ਿੰਮੇਵਾਰ ਲੋਕਾਂ ਦੀ ਜਾਇਦਾਦ ਜ਼ਬਤ ਹੋਵੇਗੀ
*ਮਾਮਲਿਆਂ ਦੀ ਪੈਰਵੀ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ***ਪੀੜਤ ਪਰਿਵਾਰਾਂ ਲਈ 2.92 ਕਰੋੜ ਰੁਪਏ ਦਾ ਚੈੱਕ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ
ਚੰਡੀਗੜ੍ਹ/ਤਰਨ ਤਾਰਨ / 07 ਅਗਸਤ / ਨਿਊ ਸੁਪਰ ਭਾਰਤ ਨਿਊਜ
ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਤਰਨ ਤਾਰਨ ਦਾ ਦੌਰਾ ਕਰਕੇ ਜ਼ਿਲ੍ਹੇ ਦੇ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਜ਼ਾਹਰ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੰਗੀਨ ਜੁਰਮ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪਰਿਵਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਤਰਾਸਦੀ ਵਿੱਚ ਜਿਨ੍ਹਾਂ ਪੀੜਤਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ, ਉਨ੍ਹਾਂ ਨੂੰ ਵੀ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਮੁੱਖ ਮੰਤਰੀ ਨੇ 92 ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ 2.92 ਕਰੋੜ ਰੁਪਏ ਦਾ ਚੈੱਕ ਸੌਂਪਿਆ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਬੇਰਹਿਮ ਜੁਰਮ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੇ ਹੀ ਅਸਰ-ਰਸੂਖ ਵਾਲੇ ਕਿਉਂ ਨਾ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਹੈ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਸ ਜਾਂਚ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾਂ ਮੌਤਾਂ ਨੂੰ ਕਤਲ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਤੌਰ ‘ਤੇ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਇਹ ਦੁਖਾਂਤ ਮਨੁੱਖ ਦੀ ਦੇਣ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਇਨ੍ਹਾਂ ਮਾਮਲਿਆਂ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ ਵਾਸਤੇ ਵਿਸ਼ੇਸ਼ ਪੈਰਵੀ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾ-ਮੁਆਫੀਯੋਗ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਤਾਂ ਕਿ ਭਵਿੱਖ ਵਿੱਚ ਹੋਰਾਂ ਨੂੰ ਸਬਕ ਮਿਲ ਸਕੇ। ਇਸ ਮੌਕੇ ‘ਤੇ ਸੰਵੇਦੀਨਸ਼ੀਲ ਮੁੱਦੇ ‘ਤੇ ਸਿਆਸਤ ਤੋਂ ਗੁਰੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦੀ ਇਸ ਘੜੀ ਵਿੱਚ ਰੋਜ਼ਗਾਰ ਦੇਣ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਲਾਭ ਮੁਹੱਈਆ ਕਰਵਾ ਕੇ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨੇ ਸੂਬੇ ਵਿੱਚ ਸ਼ਰਾਬ ਮਾਫੀਏ ਦੇ ਪੈਰ ਪਸਾਰਨ ਵਿੱਚ ਪੁਸ਼ਤਪਨਾਹੀ ਕੀਤੀ ਅਤੇ ਇਸੇ ਕਰਕੇ ਇਹ ਦੁਖਾਂਤ ਵੱਡੇ ਪੱਧਰ ‘ਤੇ ਵਾਪਰਿਆ ਹੈ। ਸ੍ਰੀ ਜਾਖੜ ਨੇ ਕਿਹਾ ਕਿ ਇਹ ਦੁਖਾਂਤ ਅਪਰਾਧਿਕ ਲਾਪਰਵਾਹੀ ਦਾ ਸਿੱਟਾ ਹੈ ਅਤੇ ਇਸ ਜੁਰਮ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲ ਕੇ ਰਹੇਗੀ।
ਇਸ ਮੌਕੇ ਹਾਜ਼ਰ ਸਖਸ਼ੀਅਤਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ ਦੇ ਚੇਅਰਮੈਨ ਤੇ ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਸੰਤੋਖ ਸਿੰਘ ਭਲਾਈਪੁਰ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ ਅਤੇ ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਸ਼ਾਮਲ ਸਨ।