ਜ਼ਿਲਾ ਮੈਜਿਸਟਰੇਟ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟਣ ਦੇ ਦਿੱਤੇ ਨਿਰਦੇਸ਼
*ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ 500 ਅਤੇ ਮਾਸਕ ਨਾ ਪਹਿਨਣ ‘ਤੇ ਹੋਵੇਗਾ 200 ਰੁਪਏ ਜ਼ੁਰਮਾਨਾ
ਹੁਸ਼ਿਆਰਪੁਰ / 23 ਮਈ / ਨਿਊ ਸੁਪਰ ਭਾਰਤ ਨਿਊਜ
ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਜ਼ਿਲਾ ਪ੍ਰਸ਼ਾਸ਼ਨ ਵਲੋਂ ਘਰ ਤੋਂ ਬਾਹਰ ਨਿਕਲਣ ਵਾਲੇ ਸਾਰੇ ਵਿਅਕਤੀਆਂ ਲਈ ਮਾਸਕ ਪਹਿਨਣਾ ਜ਼ਰੂਰੀ ਕੀਤਾ ਗਿਆ ਹੈ। ਅੱਜ ਜਾਰੀ ਆਦੇਸ਼ਾਂ ਵਿੱਚ ਉਨਾ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਮਾਸਕ ਨਹੀਂ ਪਹਿਨਣਗੇ, ਉਨਾ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇ, ਇਸ ਤੋਂ ਇਲਾਵਾ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 500 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਵਿਅਕਤੀਆਂ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇ।
ਜ਼ਿਲਾ ਮੈਜਿਸਟਰੇਟ ਨੇ ਸਾਰੇ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਬੀ.ਡੀ.ਪੀ.ਓਜ਼, ਹੋਰ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।