ਕੋਵਿਡ ਦੇ ਮੱਦੇਨਜਰ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ -ਡਿਪਟੀ ਕਮਿਸ਼ਨਰ

*ਸੁਤੰਤਰਤਾ ਦਿਵਸ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਫਰੀਦਕੋਟ / 06 ਅਗਸਤ / ਨਿਊ ਸੁਪਰ ਭਾਰਤ ਨਿਊਜ
15 ਅਗਸਤ ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਆਜ਼ਾਦੀ ਦੇ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਲਈ ਸਾਰੀਆਂ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਸਮਾਰੋਹ ਨੂੰ ਸਾਦੇ ਢੰਗ ਨਾਲ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਅਤੇ ਇਸ ਸਮਾਰੋਹ ਦੌਰਾਨ ਸਰਕਾਰ ਦੀਆਂ ਹਦਾਇਤਾਂ ਅਤੇ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਪੁਲਿਸ ਵਿਭਾਗ, ਉਪ ਮੰਡਲ ਮੈਜਿਸਟ੍ਰੇਟ ਸਮੇਤ ਸਮਾਰੋਹ ਦੀਆਂ ਤਿਆਰੀਆਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਸਬੰਧੀ ਤਿਆਰੀਆਂ ਕੋਵਿਡ ਦੀਆਂ ਸਾਵਧਾਨੀਆਂ ਤੇ ਬਚਾਓ ਢੰਗ ਅਪਣਾ ਕੇ ਪੂਰੀਆ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿੱਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ: ਅਜਾਇਬ ਸਿੰਘ ਭੱਟੀ ਮੁੱਖ ਮਹਿਮਾਨ ਹੋਣਗੇ ਅਤੇ ਰਾਸ਼ਟੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਫਿਰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਸਾਵਧਾਨੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਤਾਂ ਜ਼ੋ ਸਮਾਗਮ ਦੀਆਂ ਤਿਆਰੀਆਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ: ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਫਰੀਦਕੋਟ ਮਿਸ ਪੂਨਮ ਸਿੰਘ, ਐਸ.ਡੀ.ਐਮ. ਕੋਟਕਪੂਰਾ ਮੇਜਰ ਅਮਿਤ ਸਰੀਨ, ਡੀ.ਡੀ.ਪੀ.ਓ. ਮੈਡਮ ਬਲਜੀਤ ਕੌਰ, ਜਿਲ੍ਹਾ ਮਾਲ ਅਫਸਰ ਸ: ਅਵਤਾਰ ਸਿੰਘ, ਤਹਿਸੀਲਦਾਰ ਫਰੀਦਕੋਟ ਸ: ਪਰਮਜੀਤ ਸਿੰਘ ਬਰਾੜ, ਡੀ.ਐਸ.ਐਸ.ਓ. ਮੈਡਮ ਕਿਰਤਪ੍ਰੀਤ ਕੌਰ, ਸੀ.ਡੀ.ਪੀ.ਓ. ਮੈਡਮ ਛਿੰਦਰਪਾਲ ਕੌਰ, ਸ੍ਰੀ ਮਹਿੰਦਰਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।