ਫਰੀਦਕੋਟ ਜ਼ਿਲ੍ਹੇ ਵਿੱਚ 198 ਛੱਪੜਾਂ ਦੀ ਸਫਾਈ ‘ਤੇ 168.11 ਕਰੋੜ ਰੁਪਏ ਖਰਚ ਕੀਤੇ- ਡਿਪਟੀ ਕਮਿਸ਼ਨਰ

DC Vimal Kumar Setia
*ਪ੍ਰਾਜੈਕਟ ਤਹਿਤ ਪੇਂਡੂ ਖੇਤਰਾਂ ਵਿੱਚ ਮਗਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ **ਕੋਰੋਨਾ ਸੰਕਟ ਦੇ ਦੌਰਾਨ ਮਜ਼ਦੂਰਾਂ ਨੂੰ 64204 ਦਿਹਾੜੀਆਂ ਮੁਹੱਈਆ ਕਰਵਾਈਆਂ ਗਈਆਂ ***ਸਫਾਈ ਤੋਂ ਬਾਅਦ, ਇਨ੍ਹਾਂ ਛੱਪੜਾਂ ਨੂੰ ਬਰਸਾਤੀ ਪਾਣੀ ਦੀ ਸੰਭਾਲ, ਮੱਛੀ ਪਾਲਣ ਅਤੇ ਖੇਤੀਬਾੜੀ ਉਦੇਸ਼ਾਂ ਦੇ ਲਈ ਕੀਤਾ ਜਾਵੇਗਾ ਇਸਤੇਮਾਲ: ਸਹੋਤਾ
ਫਰੀਦਕੋਟ / 08 ਅਗਸਤ / ਨਿਊ ਸੁਪਰ ਭਾਰਤ ਨਿਊਜ
ਪੇਂਡੂ ਖੇਤਰਾਂ ਵਿੱਚ ਜਲ ਸਰੋਤਾਂ ਦੀ ਸੰਭਾਲ ਅਤੇ ਕੋਰੋਨਾ ਸੰਕਟ ਕਾਰਨ ਬੇਰੁਜ਼ਗਾਰੀ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਨੂੰ ਘਟਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 168.11 ਕਰੋੜ ਰੁਪਏ ਦੀ ਲਾਗਤ ਨਾਲ ਫਰੀਦਕੋਟ ਵਿੱਚ 198 ਪੇਂਡੂ ਛੱਪੜਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ‘ਤੇ ਪੇਂਡੂ ਵਿਕਾਸ ਵਿਭਾਗ ਫਰੀਦਕੋਟ ਵੱਲੋਂ ਮਈ ਮਹੀਨੇ ਤੋਂਸਫਾਈ ਮੁਹਿੰਮ ਚਲਾਈ ਗਈ ਸੀ, ਜੋ ਕਿ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਈ ਗਈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਮਗਨਰੇਗਾ ਤਹਿਤ ਪੇਂਡੂ ਖੇਤਰਾਂ ਦੇ ਬੇਰੁਜ਼ਗਾਰਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਕਿਉਂਕਿ ਮੁਹਿੰਮ ਦੇ ਤਹਿਤ ਲੋਕਾਂ ਨੂੰ 64204 ਦਿਹਾੜੀਆਂ ਮਗਨਰੇਗਾ ਤਹਿਤ ਮੁਹੱਈਆ ਕਰਵਾਈਆਂ ਗਈਆਂ, ਜੋ ਕਿ ਕਰੋਨਾ ਸੰਕਟ ਦੀ ਘੜੀ ਵਿੱਚ ਇੱਕ ਰਾਹਤ ਕਦਮ ਸੀ।
ਫਰੀਦਕੋਟ ਦੇ ਏਡੀਸੀ ਵਿਕਾਸ ਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਮਾਨਸੂਨ ਸੀਜਨ ਤੋਂ ਪਹਿਲਾ-ਪਹਿਲਾ ਛੱਪੜਾਂ ਦੀ ਡੀ. ਵਾਟਰਿੰਗ ਅਤੇ ਡੀ. ਸਿਲਟਿੰਗ ਦਾ ਕੰਮ ਪੂਰਾ ਕਰਵਾਇਆ ਗਿਆ ਤਾਂ ਕਿ ਬਰਸਾਤੀ ਪਾਣੀ ਨੂੰ ਸੰਭਾਲ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰਿਚਾਰਜ ਕਰਨ ਦੇ ਕੰਮ ਵਿੱਚ ਮਦਦ ਮਿਲ ਸਕੇ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਤੋਂ ਇਲਾਵਾ, ਇਨ੍ਹਾਂ ਛੱਪੜਾਂ ਦੀ ਵਰਤੋਂ ਮੱਛੀ ਪਾਲਣ ਅਤੇ ਖੇਤੀਬਾੜੀ ਉਦੇਸ਼ਾਂ ਦੀ ਪੂਰਤੀ ਦੇ ਲਈ ਵੀ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਕੇ ਇਨ੍ਹਾਂ ਦੀ ਸਫਾਈ ਕਰਵਾਉਣੀ ਲਾਜ਼ਮੀ ਸੀ।

ਇਸ ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸਹੋਤਾ ਨੇ ਦੱਸਿਆ ਕਿ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਫਰੀਦਕੋਟ ਬਲਾਕ ਦੇ 71, ਕੋਟਕਪੂਰਾ ਦੇ 49, ਜੈਤੋ ਦੇ 78 ਛੱਪੜਾਂ ਦੀ ਸਾਫ-ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਸਾਰੇ ਛੱਪੜਾਂ ਦੀ ਸਫਾਈ ਲਈ 168 11 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਡੀ ਡੀ ਪੀ ਓ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਰਾਹੀਂ ਜ਼ਰੂਰਤਮੰਦ ਲੋਕਾਂ ਨੂੰ 64204 ਦਿਹਾੜੀਆਂ ਮੁਹੱਈਆ ਕਰਵਾਈ ਗਈ, ਜਿਨ੍ਹਾਂ ਵਿੱਚ 29453 ਦਿਹਾੜੀਆਂ ਫਰੀਦਕੋਟ ਬਲਾਕ, 14400 ਕੋਟਕਪੂਰਾ, 20351 ਜੈਤੋ ਵਿਚ ਦਿਹਾੜੀਆਂ ਮੁਹੱਈਆਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਨਾਲ ਹੀ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।
