*ਫੇਸਬੁੱਕ ਰਾਹੀਂ ਹੋਏ ਜਿਲਾ ਵਾਸੀਆਂ ਦੇ ਰੂਬਰੂ
ਫਰੀਦਕੋਟ / 3 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਅਤੇ ਇਸ ਦਾ ਪਤਾ ਲਗਾਉਣ ਲਈ ਵੱਧ ਤੋਂ ਵੱਧ ਸੈਪਲਿੰਗ/ਟੈਸਟਿੰਗ ਕਰਵਾਉਣ ਤਾਂ ਜੋ ਇਸ ਦੇ ਪ੍ਰਭਾਵ ਹੇਠ ਆਏ ਲੋਕਾਂ ਦਾ ਸਮੇਂ ਸਿਰ ਇਲਾਜ ਹੋ ਸਕੇ।
ਬੀਤੀ ਸ਼ਾਮ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਜਿਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਵੱਲੋਂ ਕਰੋਨਾ ਮਹਾਮਾਰੀ ਦੇ ਖਾਤਮੇ ਲਈ ਵੱਧ ਤੋਂ ਵੱਧ ਕੋਸ਼ਿਸ਼ਾਂ ਜਾਰੀ ਹਨ ਅਤੇ ਇਸ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ ਜੰਗੀ ਪੱਧਰ ਤੇ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ।
ਉਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੋਨਾ ਦੇ ਟੈਸਟਾਂ ਅਤੇ ਕਰੋਨਾ ਮਰੀਜ਼ਾਂ ਦੇ ਇਲਾਜ ਸਬੰਧੀ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜਿਨਾਂ ਵਿੱਚ ਇਲਾਜ ਲਈ ਦਾਖ਼ਲ ਮਰੀਜ਼ਾਂ ਦੇ ਅੰਗ ਕੱਢ ਕੇ ਵੇਚਣ ਵਰਗੀਆਂ ਸਮਾਜ ਨੂੰ ਗੁੰਮਰਾਹ ਕਰਨ ਵਾਲੀਆਂ ਅਫ਼ਵਾਹਾਂ ਵੀ ਸ਼ਾਮਲ ਹਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਅਜਿਹੀਆਂ ਮਨਘੜਤ ਅਫ਼ਵਾਹਾਂ ਫੈਲਾਉਣ ਵਾਲੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਪਾਜਟਿਵ ਆਉਣ ਵਾਲੇ ਮਰੀਜ਼ਾਂ ਨੂੰ ਉਨਾਂ ਦੇ ਘਰ ਵਿੱਚ ਹੀ ਇਕਾਂਤਵਾਸ ਅਤੇ ਇਲਾਜ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਗਈ ਹੈ ਤੇ ਹੁਣ ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ ਆਪਣੇ ਘਰ ਵਿੱਚ ਹੀ ਇਕਾਂਤਵਾਸ ਹੋ ਸਕਦੇ ਹਨ। ਉਨਾਂ ਇਹ ਵੀ ਦੱਸਿਆ ਕਰੋਨਾ ਦੀ ਜਾਂਚ ਲਈ ਜਿਲੇ ਵਿੱਚ ਸਥਾਪਤ ਫਲੂ ਕਾਰਨਰਾਂ ਸਿਵਲ ਹਸਪਤਾਲ ਫਰੀਦਕੋਟ, ਸਬ ਡਵੀਜ਼ਨ ਹਸਪਤਾਲ ਕੋਟਕਪੂਰਾ, ਸੀ.ਐਚ.ਸੀ. ਜੈਤੋ, ਸੀ.ਐਚ.ਸੀ. ਸਾਦਿਕ, ਸੀ.ਐਚ.ਸੀ. ਬਾਜਾਖਾਨਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿੱਚ ਜਾਂਚ/ਸੈਂਪਲ ਬਿਲਕੁਲ ਫਰੀ ਕੀਤੇ ਜਾਂਦੇ ਹਨ।
ਉਨਾਂ ਕਿਹਾ ਕਿ ਸਾਵਧਾਨੀਆਂ ਵਰਤਣਾ ਹੀ ਇਸ ਬਿਮਾਰੀ ਤੋਂ ਬਚਾਅ ਦਾ ਇਕੋ ਇਕ ਤਰੀਕਾ ਹੈ। ਉਨਾਂ ਇਹ ਵੀ ਅਪੀਲ ਕੀਤੀ ਕਿ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋਂ ਘੱਟ 2 ਮੀਟਰ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ ਅਪਣਾਉਣ ਜਿਸ ਨਾਲ ਸਾਡਾ ਖੁਦ ਦਾ ਅਤੇ ਦੂਜਿਆਂ ਦਾ ਬਚਾਅ ਹੋ ਸਕਦਾ ਹੈ। ਉਨਾਂ ਸਮੂਹ ਜ਼ਿਲਾ ਵਾਸੀਆਂ,ਐੱਨ ਜੀ ਓ, ਧਾਰਮਿਕ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ, ਵੱਖ ਵੱਖ ਸੁਸਾਇਟੀਆਂ, ਸਭਾਵਾਂ, ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਅਸੀਂ ਇਸ ਬਿਮਾਰੀ ਤੇ ਫਤਿਹ ਹਾਸਲ ਕਰਕੇ ਰਾਜ ਦੇ ਵਿਕਾਸ ਅਤੇ ਆਮ ਜਨ ਜੀਵਨ ਨੂੰ ਮੁੜ ਲੀਹਾਂ ਤੇ ਲਿਆ ਸਕੀਏ ।