*ਲੋਕਾਂ ਨੂੰ ਮਿਸ਼ਨ ਫ਼ਤਹਿ ਤਹਿਤ ਕਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਦੀ ਅਪੀਲ
ਫ਼ਰੀਦਕੋਟ / 3 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਫ਼ਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵੱਲੋਂ ਮਗਨਰੇਗਾ ਸਕੀਮ ਤਹਿਤ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨਾਂ ਮਿਸ਼ਨ ਫ਼ਤਹਿ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਮਾਰੀ ਦੀ ਰੋਕਥਾਮ ਅਤੇ ਇਸ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ ਵਧ ਤੋਂ ਵੱਧ ਟੈਸਟ ਕਰਵਾਉਣ ਅਤੇ ਕਿਸੇ ਵੀ ਤਰਾਂ ਦੀਆਂ ਇਸ ਸਬੰਧੀ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਸਬੰਧੀ ਜ਼ਿਲਾ ਪ੍ਰਸ਼ਾਸਨ ਨੂੰ ਸੂਚਿਤ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਹੋਤਾ ਨੇ ਜ਼ਿਲੇ ਦੇ ਪਿੰਡ ਮਾਨੀ ਸਿੰਘ ਵਾਲਾ ਵਿਖੇ ਪੰਜ ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਪਾਰਕ, ਹੱਟ, ਛੱਪੜ ਦੀ ਸਫਾਈ ਅਤੇ ਆਲੇ ਦੁਆਲੇ ਦੇ ਵਿਕਾਸ ਆਦਿ ਕੰਮਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਪਿੰਡ ਦੇ ਛੱਪੜ ਦੀ ਸਫਾਈ ਕਰਕੇ ਬਹੁਤ ਹੀ ਵਧੀਆ ਅਤਿ ਆਧੁਨਿਕ ਪਾਰਕ ਬਣਾਇਆ ਜਾ ਰਿਹਾ ਹੈ। ਜਿਸ ਨਾਲ ਪਿੰਡ ਦੀ ਸਫ਼ਾਈ ਅਤੇ ਖ਼ੂਬਸੂਰਤੀ ਵਿੱਚ ਹੋਰ ਵਾਧਾ ਹੋਵੇਗਾ। ਇਸ ਉਪਰੰਤ ਉਨਾਂ ਨੇ ਪਿੰਡ ਮਹਿਮੂਆਣਾ ਵਿਖੇ ਬਣ ਰਹੇ ਬੱਸ ਸਟਾਫ਼ ਦਾ ਵੀ ਨਿਰੀਖਣ ਕੀਤਾ ਅਤੇ ਪਿੰਡ ਦੀ ਪੰਚਾਇਤ ਨੂੰ ਕਿਹਾ ਕਿ ਉਹ ਬੱਸ ਸਟਾਪ ਦੇ ਨਾਲ ਲੱਗਦੀ ਜ਼ਮੀਨ ਵਿੱਚ ਵਧੀਆ ਪਾਰਕ ਬਣਾਉਣ ਅਤੇ ਇਸ ਲਈ ਸਰਕਾਰ ਵੱਲੋਂ ਮਗਨਰੇਗਾ ਤਹਿਤ ਉਨਾਂ ਨੂੰ ਗ੍ਰਾਂਟ ਵੀ ਦਿੱਤੀ ਜਾਵੇਗੀ ।ਇਸ ਮੌਕੇ ਸ੍ਰੀ ਮਹੇਸ਼ ਗਰਗ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਅਤੇ ਸ੍ਰੀ ਹਰਜੀਤ ਸਿੰਘ ਬੀਡੀਪੀਓ ਫ਼ਰੀਦਕੋਟ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।