ਬਾਬਾ ਫ਼ਰੀਦ ਆਗਮਨ ਪੁਰਬ ਦੇ ਆਖਰੀ ਦਿਨ ਸਜਾਏ ਗਏ ਧਾਰਮਿਕ ਦੀਵਾਨ
*ਸ੍ਰੀ ਅਖੰਡ ਸਾਹਿਬ ਦੇ ਭੋਗ ਤੋਂ ਬਾਅਦ ਹੋਇਆ ਰੂਹਾਨੀ ਕੀਰਤਨ **’ਫਖਰ-ਏ ਫਰੀਦਕੋਟ ਸਨਮਾਨ ਨਾਲ ਦੋ ਸ਼ਖ਼ਸੀਅਤਾਂ ਨੂੰ ਸਨਮਾਨ ਦਿੱਤਾ ਗਿਆ
ਫਰੀਦਕੋਟ / 23 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਣ ਵਾਲਾ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਜੋ ਪੰਜ ਦਿਨ ਮੇਲੇ ਦੇ ਰੂਪ ਵਿੱਚ ਮਨਾਇਆ ਜਾਂਦਾ ਰਿਹਾ ਹੈ ਅਤੇ ਇਸ ਵਿੱਚ ਕਈ ਤਰ੍ਹਾਂ ਦੇ ਖੇਡ ਮੁਕਾਬਲੇ,ਧਾਰਮਿਕ ਸਮਾਗਮ, ਪ੍ਰਦਰਸ਼ਨੀਆਂ, ਨਾਟਕ ਮੇਲੇ ਆਦਿ ਕਰਵਾਏ ਜਾਂਦੇ ਸਨ ਪਰ ਕਰੋਨਾ ਮਹਾਂਮਰੀ ਦੇ ਮੱਦੇਨਜ਼ਰ ਇਸ ਵਾਰ ਇਹ ਆਗਮਨ ਪੁਰਬ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਗਿਆ। ਜਿਸ ਦੇ ਆਖ਼ਰੀ ਦਿਨ ਅੱਜ ਟਿੱਲਾ ਬਾਬਾ ਫ਼ਰੀਦ ਜੀ ਦੇ ਸਥਾਨ ਤੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ।
ਇਸ ਮੌਕੇ ਆਈ ਜੀ ਡਾ ਕੌਸਤੁਭ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ ਤੇ ਆਸ਼ੀਰਵਾਦ ਲਿਆ।ਉਨ੍ਹਾਂ ਇਸ ਮੌਕੇ ਕਿਹਾ ਕਿ ਫ਼ਰੀਦਕੋਟ ਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਕਰੋਨਾ ਤੋਂ ਬਚਾਅ ਲਈ ਪੂਰੇ ਨਿਯਮਾਂ ਦੀ ਪਾਲਣਾ ਕਰਦਿਆਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਘਰਾਂ ਵਿੱਚ ਰਹਿ ਕੇ ਮਨਾਇਆ। ਇਸ ਤੋਂ ਇਲਾਵਾ ਆਈ ਜੀ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਟਿੱਲਾ ਬਾਬਾ ਫ਼ਰੀਦ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਅਤੇ ਸੇਵਾਦਾਰ ਮਹੀਪ ਇੰਦਰ ਸਿੰਘ ਸੇਖੋਂ ਵੱਲੋਂ ਸਿਰੋਪਾ ਭੇਟ ਕੀਤਾ ਗਿਆ।ਇਸ ਮੌਕੇ ਕਰੋਨਾ ਨਾਲ ਪਹਿਲੀ ਕਤਾਰ ਵਿੱਚ ਖੜ੍ਹ ਕੇ ਲੜਾਈ ਲੜਨ ਵਾਲੇ ਸਿਵਲ ਸਰਜਨ ਡਾ ਰਾਜਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ ਚੰਦਰ ਸ਼ੇਖਰ ਕੱਕੜ, ਜ਼ਿਲ੍ਹਾ ਐਪੀਡਮੋਲੋਜਿਸਟ ਡਾ ਵਿਕਰਮਜੀਤ, ਡਾ ਅਨੀਤਾ ਚੌਹਾਨ, ਡਾ ਰਾਜੀਵ ਭੰਡਾਰੀ ਸੀਨੀਅਰ ਮੈਡੀਕਲ ਅਫ਼ਸਰ ਜੰਡ ਸਾਹਿਬ, ਡਾ ਹਰਕਮਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੋਟਕਪੂਰਾ, ਡਾ ਅਵਤਾਰ ਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ, ਡਾ ਕੀਮਤੀ ਆਨੰਦ ਸੀਨੀਅਰ ਮੈਡੀਕਲ ਅਫ਼ਸਰ ਜੈਤੋ ਨੂੰ ਸਿਰੋਪਾ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਮਾਈ ਗੋਦੜੀ ਸਾਹਿਬ ਵਿਖੇ ਮੱਥਾ ਟੇਕਿਆ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਆਗਮਨ ਪੁਰਬ ਤੇ ਅੱਜ ਤੋਂ ਇੱਕ ਨਵੇਂ ਸਨਮਾਨ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਫੱਖਰ-ਏ ਫਰੀਦਕੋਟ ਐਵਾਰਡ ਦੀ ਸ਼ੁਰੂਆਤ ਕੀਤੀ ਗਈ ਜੋ ਸਿਰਫ਼ ਫ਼ਰੀਦਕੋਟ ਨਾਲ ਸਬੰਧਿਤ ਦੋ ਸ਼ਖ਼ਸੀਅਤਾਂ ਨੂੰ ਹਰ ਸਾਲ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਦੇ ਬਦਲੇ ਸਨਮਾਨਿਤ ਕੀਤਾ ਜਾਇਆ ਕਰੇਗਾ। ਅੱਜ ਇਸ ਪਹਿਲੀ ਸ਼ੁਰੂਆਤ ਵਿੱਚ ਅਧਿਆਪਕ ਰਾਜਿੰਦਰ ਕੁਮਾਰ ਅਤੇ ਇੱਕ ਸਮਾਜ ਸੇਵੀ ਬੂਟਾ ਗੱਪੀ ਨੂੰ ਸਰੋਪਾ ਅਤੇ ਨਕਦੀ ਦੇ ਨਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।