ਡਾ. ਰਵਿੰਦਰ ਕੁਮਾਰ ਗਰਗ ਨੂੰ ਸਿਟੀਜ਼ਨ ਆਫ਼ ਫ਼ਰੀਦਕੋਟ ਦੇ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਫਰੀਦਕੋਟ / 23 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਲਲਿਤ ਗੁਪਤਾ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਮੈਡੀਸਨ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਦੇ ਰਹੇ ਡਾ. ਰਵਿੰਦਰ ਕੁਮਾਰ ਗਰਗ ਨੂੰ ਸਿਟੀਜ਼ਨ ਆਫ਼ ਫ਼ਰੀਦਕੋਟ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਅਸ਼ੋਕ ਸੱਚਰ, ਦਵਿੰਦਰ ਕਟਾਰੀਆ, ਰਾਕੇਸ਼ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਐਡਵੋਕੇਟ ਲਲਿਤ ਗੁਪਤਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਤੇ ਪੰਜਾਬ ਵਿੱਚ ਵੀ ਇਹ ਭਿਆਨਕ ਮਹਾਂਮਾਰੀ ਵਧਦੀ ਜਾ ਰਹੀ ਹੈ। ਇਸ ਮਹਾਮਾਰੀ ਨੂੰ ਰੋਕਣ ਲਈ ਸਿਹਤ ਵਿਭਾਗ ਅਤੇ ਸਥਾਨਕ ਮੈਡੀਕਲ ਕਾਲਜ ਦੇ ਡਾਕਟਰ ਦਿਨ ਰਾਤ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਰਵਿੰਦਰ ਗਰਗ ਵੱਲੋਂ ਮੈਡੀਕਲ ਕਾਲਜ ਵਿਖੇ ਪਲਾਜ਼ਮਾ ਬੈਂਕ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕੀਤਾ ਹੈ। ਜਿਸ ਨਾਲ ਕਈ ਕੀਮਤੀ ਜਾਨਾਂ ਦਾ ਬਚਾਅ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮਾਨਵਤਾ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਏ ਰਖਣ ਅਤੇ ਜਿਲਾ ਪ੍ਸਾਸਨ ਵਲੋਂ ਸਮੇਂ ਸਮੇਂ ਤੇ ਜਾਰੀ ਗਾਈਡਲਾਈਨਜ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਡਾਕਟਰ ਰਵਿੰਦਰ ਗਰਗ ਨੇ ਕਿਹਾ ਉਨ੍ਹਾਂ ਨੂੰ ਸਨਮਾਨ ਮਿਲਣ ਤੇ ਖੁਸ਼ੀ ਹੋਈ ਹੈ ਅਤੇ ਸਨਮਾਨ ਮਿਲਣ ਨਾਲ ਉਨ੍ਹਾਂ ਦੀ ਜਿੰਮੇਵਾਰੀ ਹੋਰ ਵਧ ਗਈ ਹੈ ਅਤੇ ਉਹ ਆਪਣੀ ਡਿਊਟੀ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਨਿਭਾਉਣਗੇ।