December 26, 2024

ਕੋਵਿਡ ਦੇ ਮੱਦੇਨਜ਼ਰ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਉਣ ਲਈ ਕਿਸਾਨ ਸਹਿਯੋਗ ਦੇਣ- ਸੇਤੀਆ

0

DC Vimal Kumar Setia

*ਪਰਾਲੀ ਸਾੜਣ ਦੀ ਰੋਕਥਾਮ ਲਈ ਜਿਲੇ ਵਿੱਚ 220 ਨੋਡਲ ਅਫਸਰ ਨਿਯੁਕਤ **ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨਗੇ ***ਸੂਬਾ ਸਰਕਾਰ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਮੁਹੱਈਆ ਕਰਵਾ ਰਹੀ  ਹੋਰ ਖੇਤੀ ਮਸ਼ੀਨਾਂ

ਫਰੀਦਕੋਟ / 30 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਸਾਉਣੀ ਸੀਜ਼ਨ ਵਿੱਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਨੇ ਜਿਲੇ ਦੇ ਪਿੰਡਾਂ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ ‘ਤੇ ਅੱਗ ਲਾਈ ਜਾਂਦੀ ਹੈ, ਲਈ 220 ਨੋਡਲ ਅਫਸਰ ਨਿਯੁਕਤ ਕੀਤੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਸੇਤੀਆ ਨੇ ਕਿਸਾਨਾਂ ਨੂੰ ਕੋਵਿਡ-19 ਦੀ ਮਹਾਂਮਾਰੀ ਫੈਲਣ ਦੀਆਂ ਵਿਸ਼ੇਸ਼ ਹਾਲਤਾਂ ਵਿੱਚ ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪਹਿਲਾਂ ਹੀ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸਿਹਤ ‘ਤੇ ਹੋਰ ਵੀ ਮਾੜਾ ਅਸਰ ਪਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਿੰਡ ਪੱਧਰ ‘ਤੇ ਜ਼ਮੀਨੀ ਸਰਗਰਮੀਆਂ ਲਈ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਵੀ ਸ਼ਾਮਲ ਕੀਤਾ ਜਾਵੇ ਜਿਸ ਕਰਕੇ ਹਰੇਕ ਪਿੰਡ ਜਿੱਥੇ ਝੋਨਾ ਲਾਇਆ ਜਾਂਦਾ ਅਤੇ ਪਰਾਲੀ ਨੂੰ ਸਾੜਿਆ ਜਾਂਦਾ ਹੈ, ਲਈ ਸੂਬਾ ਭਰ ਵਿੱਚ 8000 ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ ਅਤੇ ਫਰੀਦਕੋਟ ਜਿਲੇ ਵਿੱਚ 220 ਨੋਡਲ ਅਫਸਰ ਅਤੇ 31 ਕਲਸਟਰ ਇੰਚਾਰਜ ਲਗਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਨੋਡਲ ਅਫਸਰ 15 ਨਵੰਬਰ ਤੱਕ ਪਿੰਡਾਂ ਵਿਚ ਆਪਣੀ ਡਿਊਟੀ ਨਿਭਾਉਣਗੇ ਅਤੇ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ ਅਤੇ ਭੌਂ ਸੁਰੱਖਿਆ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨਾਲ ਪੂਰਾ ਤਾਲਮੇਲ ਕਰਕੇ ਜਿਲੇ ਵਿੱਚ ਪਰਾਲੀ ਸਾੜਣ ਦੇ ਗੈਰ-ਸਿਹਤਮੰਦ ਅਮਲ ਦੇ ਖਾਤਮੇ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਅਫਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਸਿਰਫ ਸੁਪਰ ਐਸ.ਐਮ.ਐਸ. ਸਿਸਟਮ ਵਾਲੀਆਂ ਕੰਬਾਇਨਾਂ ਨੂੰ ਚੱਲਣ ਦਿੱਤਾ ਜਾਵੇ।

ਇਹ ਅਫਸਰ ਜ਼ਮੀਨ ਠੇਕੇ ਉਤੇ ਦੇਣ ਵਾਲਿਆਂ ਦੀ ਸੂਚੀ ਤਿਆਰ ਕਰਨਗੇ ਅਤੇ ਹਰੇਕ ਜ਼ਮੀਨ ਮਾਲਕ ਨੂੰ ਫੋਨ ਉਤੇ ਸਾਵਧਾਨ ਕਰਨਗੇ ਕਿ ਜੇਕਰ ਉਸ ਨੇ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਸ ਦੇ ਮਾਲ ਰਿਕਾਰਡ ਵਿਚ ਲਾਲ ਅੱਖਰਾਂ (ਰੈੱਡ ਐਂਟਰੀ) ਨਾਲ ਇੰਦਰਾਜ ਕੀਤਾ ਜਾਵੇਗਾ।ਇਹ ਅਫਸਰ ਉਹਨਾਂ ਕਿਸਾਨਾਂ ਦੀ ਵੀ ਸ਼ਨਾਖਤ ਕਰਨਗੇ ਜਿਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸੰਭਾਵਨਾ ਹੈ ਅਤੇ ਇਨਾਂ ਕੋਲ ਸਿੱਧੀ ਪਹੁੰਚ ਕਰਕੇ ਸਮਝਾਉਣਗੇ। ਇਹ ਅਫਸਰ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਪਤਾ ਲਾਉਣਗੇ ਅਤੇ ਪਿੰਡ ਦੇ ਮਾਲ ਪਟਵਾਰੀ ਨੂੰ ਮਾਲ ਵਿਭਾਗ ਵੱਲੋਂ ਵੱਖਰੇ ਤੌਰ ‘ਤੇ ਜਾਰੀ ਹਦਾਇਤਾਂ ਮੁਤਾਬਕ ਮਾਲ ਰਿਕਾਰਡ ਵਿੱਚ ਲੋੜੀਂਦੀ ਐਂਟਰੀ ਕਰਨ ਲਈ ਕਹਿਣਗੇ।

ਇਹ ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨਗੇ। ਇਸੇ ਤਰਾਂ ਇਹ ਅਧਿਕਾਰੀ ਪੈਂਫਲੈਂਟ ਵੰਡਣ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕੇ ਦਿਵਾਉਣ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਕੂਲਾਂ ਕੋਲ ਪਹੁੰਚ ਕਰਕੇ ਲੈਕਚਰ ਕਰਵਾਉਣਗੇ ਤਾਂ ਕਿ ਵਿਦਿਆਰਥੀ ਅੱਗੇ ਆਪਣੇ ਮਾਪਿਆਂ ਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ।

ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਬਿਨਾਂ ਸਾੜੇ ਜਾਣ ਤੋਂ ਨਿਪਟਾਉਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੇ ਹਿੱਸੇ ਵਜੋਂ ਇਸ ਸਾਲ 23500 ਹੋਰ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਵਿਅਕਤੀਗਤ ਜਾਂ ਸਮੂਹਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ 50 ਫੀਸਦੀ ਤੋਂ 80 ਫੀਸਦੀ ਸਬਿਸਡੀ ਉਤੇ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪਿਛਲੇ ਦੋ ਸਾਲਾਂ ਵਿਚ ਪਰਾਲੀ ਨੂੰ ਖੇਤ ਵਿਚ ਹੀ ਨਿਪਟਾਉਣ ਲਈ 51,000 ਮਸ਼ੀਨਾਂ ਦਿੱਤੀਆਂ ਗਈਆਂ।  

Leave a Reply

Your email address will not be published. Required fields are marked *