ਫਰੀਦਕੋਟ : ਪਹਿਲੇ ਦਿਨ 235 ਮੀਟਰਕ ਟਨ ਕਣਕ ਦੀ ਖਰੀਦ ਹੋਈ- ਸੇਤੀਆ***ਕਣਕ ਦੀ ਸੁਚੱਜੀ ਖਰੀਦ ਲਈ ਕਿਸਾਨ, ਆੜ੍ਹਤੀ , ਖਰੀਦ ਏਜੰਸੀਆਂ ਆਪਸੀ ਤਾਲਮੇਲ ਨਾਲ ਕੰਮ ਕਰਨ***ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਸਮੇਂ ਕਰੋਨਾ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ
ਫਰੀਦਕੋਟ 11 ਅਪ੍ਰੈਲ (NSB NEWS)
ਫਰੀਦਕੋਟ ਜਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਬਕਾਇਦਾ ਸ਼ੁਰੂ ਹੋ ਚੁੱਕੀ ਹੈ ਤੇ ਕੱਲ 10 ਅਪ੍ਰੈਲ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਖਰੀਦ ਕੇਂਦਰਾਂ ਵਿੱਚ ਪੁੱਜੀ ਕਣਕ ਵਿਚੋਂ 235 ਮੀਟਰਕ ਟਨ ਕਣਕ ਦੀ ਖਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ ।ਡਿਪਟੀ ਕਮਿਸ਼ਨਰ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਕੇ ਖਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਤਾਂ ਜ਼ੋ ਕਿਸੇ ਵੀ ਧਿਰ ਨੂੰ ਕਣਕ ਦੀ ਖਰੀਦ ਸਬੰਧੀ ਮੁਸ਼ਕਿਲ ਪੇਸ਼ ਨਾ ਆਵੇ ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਵਿਡ ਦੇ ਨਿਯਮਾਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਹਿਨਣਾ, ਸਮੇਂ ਸਮੇਂ ਤੇ ਹੱਥ ਧੋਣਾ, ਮੰਡੀਆਂ ਵਿੱਚ ਕਣਕ ਅਲਾਟ ਕੂਪਨ ਅਨੁਸਾਰ ਹੀ ਲਿਆਦੀ ਜਾਵੇ ।
ਉਨ੍ਹਾਂ ਕਿਹਾ ਕਿ ਕਰੋਨਾ ਦੀ ਬਿਮਾਰੀ ਬਹੁਤ ਹੀ ਭਿਆਨਕ ਤੇ ਖਤਰਨਾਕ ਹੈ ਅਤੇ ਇਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ ।ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਅੱਗੇ ਦੱਸਿਆ ਕਿ ਇਸ ਵਾਰ ਜਿਲ੍ਹੇ ਵਿੱਚ 5 ਲੱਖ 42 ਹਜ਼ਾਰ ਮੀਟਰਕ ਟਨ ਤੋਂ ਵੱਧ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਵਿਚੋਂ ਪਨਗਰੇਨ ਵੱਲੋਂ 25.2 ਪ੍ਰਤੀਸ਼ਤ, ਮਾਰਕਫੈੱਡ ਵੱਲੋਂ 23.4 ਪ੍ਰਤੀਸ਼ਤ, ਪਨਸਪ ਵੱਲੋਂ 23.4 ਪ੍ਰਤੀਸ਼ਤ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 14.5 ਪ੍ਰਤੀਸ਼ਤ ਅਤੇ ਐਫ.ਸੀ.ਆਈ. ਵੱਲੋਂ 13.4 ਪ੍ਰਤੀਸ਼ਤ ਕਣਕ ਦੀ ਖਰੀਦ ਕੀਤੇ ਜਾਣ ਦਾ ਅਨੁਮਾਨ ਹੈ ।ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ 10 ਅਪ੍ਰੈਲ ਤੱਕ 9015 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ ਖਰੀਦ ਏਜੰਸੀਆਂ ਨੇ ਪਹਿਲੇ ਦਿਨ 235 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ ।
ਜਿਲ੍ਹਾ ਮੰਡੀ ਅਫਸਰ ਸ੍ਰੀ ਗੋਰਵ ਗਰਗ ਨੇ ਦੱਸਿਆ ਕਿ ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਛਾਂ, ਪੀਣ ਵਾਲੇ ਪਾਣੀ, ਸਫਾਈ, ਰੌਸ਼ਨੀ ਆਦਿ ਸਹੂਲਤਾਂ ਤੋਂ ਇਲਾਵਾ ਆੜ੍ਹਤੀਆਂ ਵੱਲੋਂ ਸੈਨੀਟਾਈਜ਼ਰ ਅਤੇ ਮਾਸਕ ਦਿੱਤੇ ਜਾਣਗੇ ਤਾਂ ਜ਼ੋ ਕਰੋਨਾ ਤੋਂ ਬਚਿਆ ਜਾ ਸਕੇ ।ਉਨ੍ਹਾਂ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮੇਂ-ਸਮੇਂ ਸੈਨੀਟਾਈਜ਼ਰ ਵਰਤਣ ਜਾਂ ਸਾਬਣ-ਪਾਣੀ ਨਾਲ ਹੱਥ ਧੋਂਦੇ ਰਹਿਣ ਅਤੇ ਮਾਸਕ ਲਗਾ ਕੇ ਰੱਖਣ ।ਇਸ ਦੇ ਨਾਲ-ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਅਤੇ ਅਨਾਜ ਮੰਡੀਆਂ ਵਿੱਚ ਥੁੱਕਣ ਤੋਂ ਗੁਰੇਜ਼ ਕੀਤਾ ਜਾਵੇ ।ਇਸੇ ਤਰ੍ਹਾਂ ਦੂਸਰੇ ਵਿਅਕਤੀ ਤੋਂ ਦੂਰੀ ਵੀ ਬਣਾ ਕੇ ਰੱਖੀ ਜਾਵੇ ਤਾਂ ਜੋ ਬਿਮਾਰੀ ਸਬੰਧੀ ਕਿਸੇ ਵੀ ਤਰ੍ਹਾਂ ਦਾ ਖਤਰਾ ਪੈਦਾ ਨਾ ਹੋਵੇ । ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਜੁਕਾਮ, ਸਿਰ ਦਰਦ ਜਾਂ ਸਾਹ ਲੈਣ ਵਿੱਚ ਤਕਲੀਫ ਹੋਵੇ, ਉਹ ਮੰਡੀਆਂ ਵਿੱਚ ਆਉਣ ਤੋਂ ਗੁਰੇਜ਼ ਕਰਨ ਅਤੇ ਤੁਰੰਤ ਡਾਕਟਰੀ ਸਲਾਹ ਜ਼ਰੂਰ ਲੈਣ ।