ਕੋਰੋਨਾ ਸਬੰਧੀ ਅਫਵਾਹਾਂ ਫੈਲਾਉਣ ਵਾਲਿਆਂ ’ਤੇ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ :ਅੰਮ੍ਰਿਤ ਕੌਰ ਗਿੱਲ
ਡੀ.ਸੀ. ਵੱਲੋਂ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਕੋਰੋਨਾ ਦਾ ਟੈਸਟ ਕਰਵਾਉਣ ਲਈ ਅਫਵਾਹਾਂ ’ਤੇ ਯਕੀਨ ਨਾ ਕਰਨ ਦੀ ਅਪੀਲ
ਕੋਰੋਨਾ ਦਾ ਟੈਸਟ ਕਰਵਾਉਣ ਲਈ ਅੱਗੇ ਆਉਣ ਲੋਕ
ਕੋਰੋਨਾ ਮਰੀਜਾਂ ਦੀ ਪਹਿਚਾਣ ਉਜਾਗਰ ਨਹੀਂ ਕੀਤੀ ਜਾਵੇਗੀ
ਫ਼ਤਹਿਗੜ੍ਹ ਸਾਹਿਬ, 07 ਸਤੰਬਰ / ਨਿਊ ਸੁਪਰ ਭਾਰਤ ਨਿਊਜ਼:
ਕੋਰੋਨਾ ਵਾਇਰਸ ਬਿਮਾਰੀ ਇੱਕ ਅਜਿਹੀ ਮਹਾਂਮਾਰੀ ਹੈ ਜੇਕਰ ਇਸ ਦਾ ਇਲਾਜ ਪਹਿਲਾਂ-ਪਹਿਲਾਂ ਕਰਵਾ ਲਿਆ ਜਾਵੇ ਤਾਂ ਆਸਾਨੀ ਨਾਲ ਹੋ ਜਾਂਦਾ ਹੈ ਅਤੇ ਇਲਾਜ ਵਿੱਚ ਦੇਰੀ ਕਰਨ ਨਾਲ ਇਸ ਦਾ ਇਲਾਜ ਔਖਾ ਹੋ ਜਾਂਦਾ ਹੈ। ਇਸ ਲਈ ਹਰੇਕ ਨਾਗਰਿਕ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਜੇਕਰ ਉਸ ਨੂੰ ਕੋਰੋਨਾ ਪੋਜੇਟਿਵ ਨਿਕਲਦਾ ਹੈ ਤਾਂ ਉਸ ਦਾ ਮਾਹਰ ਡਾਕਟਰਾਂ ਵੱਲੋਂ ਇਲਾਜ ਕੀਤਾ ਜਾਵੇਗਾ ਤੇ ਉਸ ਦੀ ਪਹਿਚਾਣ ਉਜਾਗਰ ਨਹੀਂ ਕੀਤੀ ਜਾਵੇਗੀ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਲੋਕਾਂ ਨੂੰ ਕੋਰੋਨਾ ਦਾ ਟੈਸਟ ਕਰਵਾਉਣ ਲਈ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਆਪਣਾ ਟੈਸਟ ਕਰਵਾਉਣ ਲਈ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਅਤੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟ ਸਬੰਧੀ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਹਾਲ ਵਿੱਚ ਬਖਸਿ਼ਆ ਨਹੀਂ ਜਾਵੇਗਾ।
ਸ਼੍ਰੀਮਤੀ ਗਿੱਲ ਨੇ ਕਿਹਾ ਕਿ ਜਿੰਨੀ ਜਲਦੀ ਲੋਕ ਆਪਣਾ ਟੈਸਟ ਕਰਵਾਉਣਗੇ ਉਨੀ ਜਲਦੀ ਹੀ ਉਨ੍ਹਾਂ ਦਾ ਇਲਾਜ ਹੋ ਸਕੇਗਾ ਅਤੇ ਟੈਸਟ ਵਿੱਚ ਦੇਰੀ ਕਰਨੀ ਬਿਮਰੀ ਨੂੰ ਬੜਾਵਾ ਦੇਣ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜਾਂ ਦੇ ਇਲਾਜ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਗੲ ਹਨ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੀ ਕੋਰੋਨਾ ਮਰੀਜਾਂ ਨੂੰ ਇਲਾਜ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਖਤਰਨਾਕ ਮਹਾਂਮਾਰੀ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਇਸ ਲਈ ਲੋਕ ਇਸ ਮਹਾਂਮਾਰੀ ਦੇ ਖਾਤਮੇ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਹਾਂਮਾਰੀ ਦੇ ਫੈਲਣ ਤੋਂ ਲੈ ਕੇ ਹੁਣ ਤੱਕ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਬਿਮਾਰੀ ਤੋਂ ਬਚਣ ਲਈ ਪ੍ਰਸ਼ਾਸਨ ਵੱਲੋਂ ਵਾਰ-ਵਾਰ ਲੋਕਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਮਰੀਜਾਂ ਨੂੰ ਰੱਖਣ ਲਈ ਚਾਰ ਆਈਸੋਲੇਸ਼ਨ ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿੱਚੋਂ ਇੱਕ ਰਿਮਟ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ, ਇੱਕ ਬ੍ਰਾਹਮਣ ਮਾਜਰਾ ਸਰਹਿੰਦ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ, ਇੱਕ ਖੇੜਾ ਵਿਖੇ ਤੇ ਇੱਕ ਚਨਾਰਥਲ ਵਿਖੇ ਬਣਾਏ ਗਏ ਹਨ। ਇਨ੍ਹਾਂ ਸੈਂਟਰਾਂ ਵਿੱਚ ਮਰੀਜਾਂ ਨੂੰ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।