Site icon NewSuperBharat

ਹੁਸ਼ਿਆਰਪੁਰ ਤੋਂ ਚੰਗੀ ਖਬਰ; 78 ਵਿਅਕਤੀਆਂ ਨੇ ਜਿੱਤੀ ਕੋਰੋਨਾ ਖਿਲਾਫ ਜੰਗ **ਹੁਣ ਤੱਕ 85 ਵਿਅਕਤੀ ਕੋਰੋਨਾ ’ਤੇ ਪਾ ਚੁੱਕੇ ਹਨ ਫਤਿਹ

*ਡਿਪਟੀ ਕਮਿਸ਼ਨਰ ਨੇ ਉਜਵੱਲ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ **ਕਿਹਾ, ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਜਲਦ ਹੋਵੇਗਾ ਕੋਰੋਨਾ ਮੁਕਤ

ਹੁਸ਼ਿਆਰਪੁਰ / 15 ਮਈ / ਏਨ ਏਸ ਬੀ ਨਿਉਜ

ਜ਼ਿਲ੍ਹਾ ਹੁਸ਼ਿਆਰਪੁਰ ਲਈ ਅੱਜ ਇਕ ਚੰਗੀ ਖਬਰ ਹੈ ਕਿ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਇਲਾਜ ਅਧੀਨ 78 ਕੋਰੋਨਾ ਪੋਜ਼ੀਟਿਵ ਵਿਅਕਤੀਆਂ ਨੇ ਕੋਰੋਨਾ ਖਿਲਾਫ ਜੰਗ ਜਿੱਤ ਲਈ ਹੈ ਅਤੇ ਇਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਜਵੱਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ 48 ਕੋਰੋਨਾ ਪੋਜ਼ੀਟਿਵ ਵਿਅਕਤੀਆਂ ਨੂੰ ਤੰਦਰੁਸਤ ਹੋਣ ’ਤੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਦਸੂਹਾ ਤੋਂ 30 ਵਿਅਕਤੀਆਂ ਨੂੰ ਅੱਜ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤੰਦਰੁਸਤ ਹੋਏ ਉਕਤ ਵਿਅਕਤੀਆਂ ਸਮੇਤ ਹੁਣ ਤੱਕ 85 ਵਿਅਕਤੀਆਂ ਨੇ ਕੋਰੋਨਾ ’ਤੇ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 93 ਪੋਜ਼ੀਟਿਵ ਕੇਸ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚੋਂ ਪਹਿਲਾਂ ਹੀ ਜ਼ਿਲ੍ਹੇ ਨਾਲ ਸਬੰਧਤ 7 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਅੱਜ ਡਿਸਚਾਰਜ ਕੀਤੇ 78 ਵਿਅਕਤੀਆਂ ਤੋਂ ਇਲਾਵਾ ਹੁਣ 4 ਕੋਰੋਨਾ ਪੋਜ਼ੀਟਿਵ ਮਰੀਜ਼ ਹੀ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਸ੍ਰੀਮਤੀ ਅਪਨੀਤ ਰਿਆਤ ਨੇ ਉਜਵੱਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਕੋਰੋਨਾ ’ਤੇ ਫਤਿਹ ਪਾਉਣ ਵਾਲੇ  ਵਿਅਕਤੀਆਂ ਦੀ ਦ੍ਰਿੜ ਇੱਛਾ ਸ਼ਕਤੀ ਨੇ ਹੀ ਉਨ੍ਹਾਂ ਨੂੰ ਤੰਦਰੁਸਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਕੋਰੋਨਾ ਤੋਂ ਨਿਜ਼ਾਤ ਪਾਉਣ ਵਾਲੇ ਸਾਰੇ ਵਿਅਕਤੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਜੇਕਰ ਭਵਿੱਖ ਵਿੱਚ ਕਿਸੇ ਵੀ ਵਿਅਕਤੀ ਨੂੰ ਮੁਸ਼ਕਿਲ ਆਉਂਦੀ ਹੈ, ਤਾਂ ਜ਼ਿਲ੍ਹਾ ਪ੍ਰਸਾਸ਼ਨ ਹਰ ਸਮੱਸਿਆ ਦਾ ਹੱਲ ਕਰਨ ਲਈ ਤੱਤਪਰ ਹੈ। ਉਨ੍ਹਾਂ ਆਈਸੋਲੇਸ਼ਨ ਵਾਰਡ ਵਿੱਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੇ ਤੌਰ ’ਤੇ ਸੇਵਾਵਾਂ ਨਿਭਾਉਣ ਵਾਲੇ ਹਸਪਤਾਲਾਂ ਦੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਉਨ੍ਹਾਂ ਵਲੋਂ ਤਨਦੇਹੀ ਨਾਲ ਨਿਭਾਈ ਡਿਊਟੀ ਦੇ ਚੱਲਦੇ ਮਰੀਜ਼ ਸਿਹਤਮੰਦ ਹੋ ਕੇ ਘਰ ਚਲੇ ਗਏ ਹਨ। ਉਨ੍ਹਾਂ ਮੌਜੂਦਾ ਤੌਰ ’ਤੇ ਦਾਖਲ ਮਰੀਜ਼ਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਮਰੀਜ਼ ਵੀ ਜਲਦ ਠੀਕ ਹੋਣ ’ਤੇ ਘਰ ਭੇਜ ਦਿੱਤੇ ਜਾਣਗੇ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਜਲਦ ਹੀ ਹੁਸ਼ਿਆਰਪੁਰ ਜ਼ਿਲ੍ਹਾ ਕੋਰੋਨਾ ਮੁਕਤ ਹੋ ਜਾਵੇਗਾ।

ਨੋਡਲ ਅਫ਼ਸਰ ਡਾ. ਸੈਲੇਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਪੋਜ਼ੀਟਿਵ ਪਾਏ ਗਏ ਸ੍ਰੀ ਹਜੂਰ ਸਾਹਿਬ ਤੋਂ ਆਏ ਸਾਰੇ 71 ਸ਼ਰਧਾਲੂਆਂ ਨੂੰ ਅੱਜ ਡਿਸਚਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ 4 ਵਿਅਕਤੀ ਦਾਖਲ ਹਨ, ਉਨ੍ਹਾਂ ਦੀ ਚੰਗੀ ਸਿਹਤ ਨੂੰ ਦੇਖਦਿਆਂ ਜਲਦੀ ਹੀ ਡਿਸਚਾਰਜ ਕਰ ਦਿੱਤਾ ਜਾਵੇਗਾ।

Exit mobile version