*ਕਿਸਾਨ ਕਿਸੇ ਵੀ ਸਮੱਸਿਆ ਲਈ ਕੰਟਰੋਲ ਰੂਮ ਨੰਬਰ 01882-222663 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ **ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ
ਹੁਸ਼ਿਆਰਪੁਰ / 21 ਮਈ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 2,97,988 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 67,284 ਮੀਟਰਕ ਟਨ, ਮਾਰਕਫੈਡ ਵਲੋਂ 65,962 ਪਨਸਪ ਵਲੋਂ 60,456 ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 37,197 ਐਫ.ਸੀ.ਆਈ ਵਲੋਂ 65,060 ਅਤੇ ਪ੍ਰਾਈਵੇਟ ਵਪਾਰੀਆਂ 2029 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ 31 ਮਈ ਤੱਕ ਕਣਕ ਦੀ ਖਰੀਦ ਕੀਤੀ ਜਾਵੇਗੀ, ਇਸ ਲਈ ਕਿਸਾਨ 31 ਮਈ ਤੋਂ ਪਹਿਲਾਂ-ਪਹਿਲਾਂ ਮੰਡੀਆਂ ਵਿੱਚ ਆਪਣੀ ਕਣਕ ਲੈ ਕੇ ਪਹੁੰਚਣ, ਤਾਂ ਜੋ ਉਹ ਆਪਣੀ ਫ਼ਸਲ ਵੇਚਣ ਤੋਂ ਵੰਚਿਤ ਨਾ ਰਹਿ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ।
ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਲਈ ਮਾਸਕ ਅਤੇ ਸੈਨੇਟਾਈਜਰ ਦੀ ਸਹੂਲਤ ਸਮੇਤ ਰੋਗਾਣੂ ਮੁਕਤ ਸਪਰੇਅ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਕੰਟਰੋਲ ਰੂਮ ਨੰਬਰ 01882-222663 ’ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ/ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਨਾੜ/ਰਹਿੰਦ-ਖੂਹੰਦ ਦਾ ਜ਼ਮੀਨ ਵਿੱਚ ਹੀ ਆਧੁਨਿਕ ਮਸ਼ੀਨਾਂ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਾਂ ਖੇਤੀਬਾੜੀ ਵਿਭਾਗ ਰਾਹੀਂ ਕਿਰਾਏ ’ਤੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ।