*ਜ਼ਿਲਾ ਪਸ਼ੂ ਭਲਾਈ ਸੋਸਾਇਟੀ ਦੀ ਮੀਟਿੰਗ ਦੌਰਾਨ ਅਵਾਰਾਂ ਕੁੱਤਿਆਂ ਅਤੇ ਹੋਰ ਪਸ਼ੂਆਂ ਦੇ ਇਲਾਜ ਅਤੇ ਦੇਖਭਾਲ ਲਈ ਵੱਖਰਾ ਸ਼ੈਲਟਰ ਬਣਾਉਣ ਦੇ ਦਿੱਤੇ ਨਿਰਦੇਸ਼ **ਕਿਹਾ, ਜ਼ਰੂਰਤਮੰਦ ਕਿਸਾਨ ਕੈਟਲ ਪੌਂਡ ਤੋਂ ਪ੍ਰਾਪਤ ਕਰ ਸਕਦੇ ਹਨ ਮੁਫ਼ਤ ਦੁਧਾਰੂ ਪਸ਼ੂ **ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਕੈਟਲ ਪੌਂਡ ਦੇ ਵਿਕਾਸ ਲਈ ਹਰ ਸੰਭਵ ਯੋਗਦਾਨ ਦੇਣ ਦੀ ਕੀਤੀ ਅਪੀਲ
ਹੁਸ਼ਿਆਰਪੁਰ / 28 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਸਰਕਾਰੀ ਕੈਟਲ ਪੌਂਡ ਫਲਾਹੀ ਵਿੱਚ ਸਮਾਜਿਕ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਾਫੀ ਸੁਧਾਰ ਲਿਆਂਦਾ ਗਿਆ ਹੈ। ਹੁਣ ਇਸ ਦਿਸ਼ਾ ਵਿੱਚ ਇਕ ਹੋਰ ਕਦਮ ਵਧਾਉਂਦੇ ਹੋਏ ਸਰਕਾਰੀ ਕੈਟਲ ਪੌਂਡ ਦੇ ਨਾਲ ਵੱਖਰੇ ਸਥਾਨ ‘ਤੇ ਹੋਰ ਬੇਸਹਾਰਾ ਅਤੇ ਬਿਮਾਰ ਪਸ਼ੂਆਂ ਨੂੰ ਵੀ ਸਹਾਰਾ ਦਿੱਤਾ ਜਾਵੇਗਾ। ਇਹ ਵਿਚਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਜ਼ਿਲਾ ਪਸ਼ੂ ਭਲਾਈ ਸੋਸਾਇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਸ਼੍ਰੀ ਅਮਿਤ ਮਹਾਜਨ, ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਉਨਾਂ ਕੈਟਲ ਪੌਂਡ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਰੂਰਤਮੰਦ ਕਿਸਾਨ ਜਿਨਾਂ ਨੂੰ ਦੁਧਾਰੂ ਪਸ਼ੂਆਂ ਦੀ ਲੋੜ ਹੈ, ਉਹ ਸ਼ਰਤਾਂ ਦੇ ਆਧਾਰ ‘ਤੇ ਮੁਫ਼ਤ ਪਸ਼ੂ ਕੈਟਲ ਪੌਂਡ ਤੋਂ ਪ੍ਰਾਪਤ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਕੈਟਲ ਪੌਂਡ ਦੇ ਨਾਲ ਅਵਾਰਾਂ ਕੁੱਤਿਆਂ ਲਈ ਵੱਖਰੇ ਤੌਰ ‘ਤੇ ਡੋਗ ਸ਼ੈਲਟਰ ਅਤੇ ਹੋਰ ਪਸ਼ੂਆਂ ਲਈ ਵੀ ਸ਼ੈਲਟਰ ਬਣਾਇਆ ਜਾਵੇਗਾ, ਜਿਥੇ ਇਨਾਂ ਦਾ ਇਲਾਜ ਅਤੇ ਦੇਖਭਾਲ ਕੀਤੀ ਜਾਵੇਗੀ। ਉਨਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਨਗਰ ਨਿਗਮ ਦੇ ਸਹਿਯੋਗ ਨਾਲ ਅਵਾਰਾ ਕੁੱਤਿਆਂ ਨੂੰ ਇਸ ਸ਼ੈਲਟਰ ਵਿੱਚ ਪਹੁੰਚਾਉਣ ਲਈ ਕੰਮ ਕੀਤਾ ਜਾਵੇਗਾ।
ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੈਟਲ ਪੌਂਡ ਦਾ ਵਿਕਾਸ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ, ਇਸ ਲਈ ਵੱਧ ਤੋਂ ਵੱਧ ਲੋਕ ਇਥੇ ਆਉਣ ਅਤੇ ਗਊਵੰਸ਼ ਦੀ ਸੇਵਾ ਕਰਕੇ ਹਰ ਸੰਭਵ ਯੋਗਦਾਨ ਦੇਣ। ਉਨਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਦਾ ਇਸ ਵਿੱਚ ਬਹੁਤ ਯੋਗਦਾਨ ਹੈ, ਜੋ ਸਮੇਂ-ਸਮੇਂ ‘ਤੇ ਕੈਟਲ ਪੌਂਡ ਦੇ ਵਿਕਾਸ ਲਈ ਹਰ ਸੰਭਵ ਯੋਗਦਾਨ ਦਿੰਦੇ ਰਹਿੰਦੇ ਹਨ। ਉਨ•ਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਸ਼ੂਆਂ ਲਈ ਜ਼ਰੂਰੀ ਦਵਾਈਆਂ ਉਪਲਬੱਧ ਕਰਵਾਉਣ ਤਾਂ ਜੋ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਸ਼ੂਆਂ ਨੂੰ ਸੜਕਾਂ ‘ਤੇ ਲਵਾਰਿਸ ਨਾ ਛੱਡਣ, ਕਿਉਂਕਿ ਇਹ ਅਕਸਰ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ। ਉਨਾਂ ਸ਼ਹਿਰ ਦੇ ਹੋਰ ਗਊ ਸੇਵਕਾਂ ਨੂੰ ਵੀ ਕੈਟਲ ਪੌਂਡ ਦੇ ਵਿਕਾਸ ਲਈ ਹਰ ਸੰਭਵ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਦੌਰਾਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਰਜੀਤ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ ਬੈਂਸ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰੰਜੀਵ ਬਾਲੀ, ਨੋਡਲ ਅਫ਼ਸਰ ਸਰਕਾਰੀ ਕੈਟਲ ਪੌਂਡ ਫਲਾਹੀ ਡਾ. ਮਨਮੋਹਨ ਸਿੰਘ ਦਰਦੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।