Site icon NewSuperBharat

ਸ਼ਰਾਬ ਦੇ ਨਜਾਇਜ਼ ਕਾਰੋਬਾਰੀਆਂ ਨੂੰ ਕੈਬਨਿਟ ਮੰਤਰੀ ਅਰੋੜਾ ਦੀ ਦੋ ਟੂਕ ਚੇਤਾਵਨੀ , ਨਜਾਇਜ਼ ਕਾਰੋਬਾਰ ਬੰਦ ਨਾ ਹੋਇਆ ਤਾਂ ਨਤੀਜੇ ਭੁਗਤਣ ਲਈ ਰਹਿਣ ਤਿਆਰ

*ਡਿਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਸਹਾਇਕ ਐਕਸਾਈਜ ਕਮਿਸ਼ਨਰ ਨੂੰ ਸ਼ਰਾਬ ਦੇ ਨਜਾਇਜ਼ ਕਾਰੋਬਾਰੀਆਂ ਖਿਲਾਫ਼ ਦਿੱਤੇ ਸਖ਼ਤ ਕਾਰਵਾਈ ਦੇ ਨਿਰਦੇਸ਼ **ਪਿੰਡਾਂ ਦੀਆਂ ਪੰਚਾਇਤਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ ***ਕਿਹਾ, ਦੋਸ਼ੀ ਕੋਈ ਵੀ ਹੋਵੇ ਕਿਸੇ ਕੀਤਮ ’ਤੇ ਬਖਸ਼ਿਆ ਨਹੀਂ ਜਾਵੇਗਾ

ਹੁਸ਼ਿਆਰਪੁਰ / 4 ਅਗਸਤ / ਨਿਊ ਸੁਪਰ ਭਾਰਤ ਨਿਊਜ

ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਵਿੱਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਦੋ ਟੂਕ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣਾ ਨਜਾਇਜ਼ ਕਾਰੋਬਾਰ ਤੁਰੰਤ ਬੰਦ ਕਰ ਲੈਣ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ। ਸ਼ਰਾਬ ਦੇ ਨਜਾਇਜ਼ ਕਾਰੋਬਾਰ ’ਤੇ ਨਕੇਲ ਕੱਸਣ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦਾ ਨਜਾਇਜ਼ ਕਾਰੋਬਾਰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦੇ ਖਾਤਮੇ ਲਈ ਵਿਆਪਕ ਪੱਧਰ ’ਤੇ ਯੋਜਨਾ ਤਿਆਰ ਕਰਕੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਸਰਕਾਰ ਦੁਆਰਾ ਮੰਜ਼ੂਰਸ਼ੁਦਾ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਕਿਸੇ ਨੂੰ ਵੀ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਖੁੱਦ ਤਿਆਰ ਕੀਤੀ ਗਈ ਅਤੇ ਬਾਹਰੀ ਜ਼ਿਲਿਆਂ ਤੋਂ ਲਿਆਂਦੀ ਗਈ ਸ਼ਰਾਬ ਦੀ ਵਿਕਰੀ ਨੂੰ ਵੀ ਕੋਈ ਆਗਿਆ ਨਹੀਂ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਅਤੇ ਆਸ-ਪਾਸ ਸ਼ਰਾਬ ਦੀ ਨਜਾਇਜ਼ ਬ੍ਰਾਂਚ ਨਾ ਖੁੱਲ੍ਹਣ ਦੇਣੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਐਸਾ ਕੋਈ ਮਾਮਲਾ ਆਉਂਦਾ ਹੈ ਤਾਂ ਉਹ ਤੁਰੰਤ ਉਨ੍ਹਾਂ ਨੂੰ ਜਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸੂਚਨਾ ਦੇਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਜਾਇਜ਼ ਸ਼ਰਾਬ ਕਾਰੋਬਾਰ ਕਰਨ ਵਾਲਾ ਕੋਈ ਵੀ ਵਿਅਕਤੀ ਹੋਵੇ ਜਾਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਕੋੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕ ਉਨ੍ਹਾਂ ਦੇ ਮੋਬਾਇਲ ਨੰਬਰ 98152-12222, ਐਸ.ਐਸ.ਪੀ ਦੇ ਮੋਬਾਇਲ ਨੰਬਰ 98141-87924 ਜਾਂ ਸਹਾਇਕ ਕਮਿਸ਼ਨਰ ਐਕਸਾਈਜ ਦੇ ਮੋਬਾਇਲ ਨੰਬਰ 80541-71718 ’ਤੇ ਸੂਚਨਾ ਦੇ ਸਕਦੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਜਾਂ ਸਬੰਧਤ ਐਸ.ਡੀ.ਐਮਜ਼ ਨੂੰ ਵੀ ਉਹ ਇਸ ਸਬੰਧ ਵਿੱਚ ਜਾਣਕਾਰੀ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਬਿਲਕੁਲ ਗੁਪਤ ਰੱਖਿਆ ਜਾਵੇਗਾ।

ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕਿਸੇ ਸਰਕਾਰੀ ਕਰਮਚਾਰੀ ਜਾਂ ਹੋਰ ਕਿਸੇ ਦੀ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖਿਲਾਫ਼ ਵੀ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਨਾਲ ਖਿਲਵਾੜ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਦੀ ਜ਼ਿੰਦਗੀ ਬਹੁਮੁੱਲੀ ਹੈ ਅਤੇ ਕੁਝ ਅਪਰਾਧੀਆਂ ਦੀ ਭੁੱਖ ਮਿਟਾਉਣ ਲਈ ਉਹ ਲੋਕਾਂ ਨੂੰ ਮੌਤ ਦੇ ਮੂੰਹ ਵਿੱਚ ਨਹੀਂ ਜਾਣ ਦੇਣਗੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਤਰਨਤਾਰਨ, ਅਮ੍ਰਿਤਸਰ ਅਤੇ ਬਟਾਲਾ (ਗੁਰਦਾਸਪੁਰ) ਵਿੱਚ ਜਹਿਰੀਲੀ ਸ਼ਰਾਬ ਨਾਲ ਘਟੀ ਦੁੱਖਦ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ।

Exit mobile version