ਆਈ.ਟੀ.ਆਈਜ਼, ਪੀ.ਐਸ.ਡੀ.ਐਮ, ਨਰਸਿੰਗ ਸਕੂਲਾਂ/ਕਾਲਜਾਂ ਦੇ ਮੁਖੀਆਂ ਨਾਲ ਮੀਟਿੰਗ
ਲੋੜੀਂਦੀਆਂ ਟਰੇਡਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੇਲਿਆਂ ਬਾਰੇ ਜਾਗਰੂਕ ਕਰਨ ਦੀ ਹਦਾਇਤ
ਹੁਸ਼ਿਆਰਪੁਰ / 17 ਅਗਸਤ / ਨਿਊ ਸੁਪਰ ਭਾਰਤ ਨਿਊਜ਼ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਉਦਯੋਗਿਕ ਸਿਖਲਾਈ ਅਦਾਰਿਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸਤੰਬਰ ਦੇ ਆਖਰੀ ਹਫ਼ਤੇ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੀ ਹਾਜਰੀ ਯਕੀਨੀ ਬਣਾਈ ਜਾਵੇ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਦਿਵਾਇਆ ਜਾ ਸਕੇ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਪੀ.ਐਸ.ਡੀ.ਐਮ ਅਤੇ ਸਾਰੇ ਨਰਸਿੰਗ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਦਿਆਂ ਅਪਨੀਤ ਰਿਆਤ ਨੇ ਕਿਹਾ ਕਿ 24 ਤੋਂ 30 ਸਤੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਲੋੜੀਂਦੀਆਂ ਟਰੇਡਾਂ ਦੇ ਵਿਦਿਆਰਥੀਆਂ ਨੂੰ ਅਗਾਊਂ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਮੈਡੀਕਲ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਨਰਸਿੰਗ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਯੋਗ ਅਤੇ ਲੋੜਵੰਦ ਉਮੀਦਵਾਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੀ.ਐਸ.ਡੀ.ਐਮ ਦਾ ਸਟਾਫ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੇ ਅਦਾਰਿਆਂ ਦੇ ਨੁਮਾਇੰਦਿਆਂ ਦੀ ਇੰਟਰਵਿਊ ਅਤੇ ਪ੍ਰਾਪਤ ਅਸਾਮੀਆਂ ਨੂੰ ਪੁਰ ਕਰਨ ਲਈ ਜ਼ਿੰਮੇਵਾਰ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਅਤੇ ਅਦਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਰੋਜ਼ਗਾਰ ਮੇਲਿਆਂ ਤੋਂ ਪਹਿਲਾਂ ਹੇਠਲੇ ਪੱਧਰ ਤੱਕ ਜਾਣਕਾਰੀ ਦਾ ਪ੍ਰਸਾਰ ਕਰਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਤੋਂ ਲਾਹਾ ਲੈ ਸਕਣ।
ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦੀਆਂ ਮਿਤੀਆਂ ਅਤੇ ਸਥਾਨ ਅਨੁਸਾਰ ਹਰ ਵਿਭਾਗ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਏਗਾ ਤਾਂ ਜੋ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਮਿਲੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਅਤੇ ਕੈਰੀਅਰ ਕੌਂਸਲਰ ਅਦਿੱਤਿਆ ਰਾਣਾ ਵੀ ਹਾਜ਼ਰ ਸਨ।