ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲਿਆਂ ’ਚ 944 ਵਿਦਿਆਰਥੀਆਂ ਨੇ ਲਿਆ ਹਿੱਸਾ
ਹੁਸ਼ਿਆਰਪੁਰ, 23 ਅਗਸਤ / ਨਿਊ ਸੁਪਰ ਭਾਰਤ ਨਿਊਜ਼:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਉਸਤਤ, ਫਲਸਫੇ ਤੇ ਕੁਰਬਾਨੀ ਸਬੰਧੀ ਭਾਸ਼ਨ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿੱਚ ਹਿੱਸਾ ਲਿਆ। ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਅਤੇ ਸੈਕੰਡਰੀ) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਜਿਲ੍ਹੇ ਦੇ ਐਲੀਮੈਂਟਰੀ ਵਿੰਗ ਦੇ 248 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇੰਜੀ. ਸੰਜੀਵ ਗੌਤਮ ਅਨੁਸਾਰ ਸੈਕੰਡਰੀ ਦੇ 380 ਤੇ ਮਿਡਲ ਵਰਗ ਦੇ 316 ਬੱਚਿਆਂ ਨੇ ਭਾਸ਼ਨ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ। ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਨੋਡਲ ਅਫਸਰ (ਐਲੀ.) ਮਨਜੀਤ ਸਿੰਘ, ਸੈਕੰਡਰੀ ਵਿੰਗ ਦੇ ਨੋਡਲ ਅਫਸਰ ਬੇਅੰਤ ਸਿੰਘ, ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਰਵਾਂ ਯੋਗਦਾਨ ਪਾਇਆ।
ਤਸਵੀਰ:- ਇੰਜੀ. ਸੰਜੀਵ ਗੌਤਮ, ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਅਤੇ ਸੈਕੰਡਰੀ) ਹੁਸ਼ਿਆਰਪੁਰ