ਵੈਬੀਨਾਰ ਰਾਹੀਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੱਖ-ਵੱਖ ਖੇਤਰਾਂ ’ਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਦਿੱਤੀ ਜਾਣਕਾਰੀ

*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਹਨ ਵੈਬੀਨਾਰ
ਹੁਸ਼ਿਆਰਪੁਰ / 27 ਅਗਸਤ / ਨਿਊ ਸੁਪਰ ਭਾਰਤ ਨਿਊਜ
ਕੋਵਿਡ-19 ਦੀ ਮਹਾਂਮਾਰੀ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਨੂੰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵੈਬੀਨਾਰ ਲਗਾਏ ਜਾ ਰਹੇ ਹਨ। ਇਸੇ ਕੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਤੇ ਅਜੜਾਮ ਦੇ ਬੱਚਿਆਂ ਲਈ ਵੈਬੀਨਾਰ ਲਗਾਇਆ ਗਿਆ, ਜਿਸ ਵਿੱਚ ਇਨ੍ਹਾਂ ਸਕੂਲਾਂ ਦੇ ਲਗਭਗ 60 ਬੱਚੇ ਅਤੇ 4 ਅਧਿਆਪਕਾਂ ਵਲੋਂ ਹਿੱਸਾ ਲਿਆ ਗਿਆ।

ਵੈਬੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ ਨੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਰੋਜ਼ਗਾਰ ਦੀਆਂ ਸੰਭਾਵਨਾਵਾਂ, ਇਨ੍ਹਾਂ ਦੀ ਯੋਗਤਾ, ਪ੍ਰੀਖਿਆ ਆਦਿ ਸਬੰਧੀ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਸਮੇਂ ਦੇ ਹਿਸਾਬ ਨਾਲ ਚੱਲਣ ਲਈ ਪ੍ਰੇਰਿਤ ਕੀਤਾ ਤਾਂ ਜੋ ਬੱਚੇ ਆਪਣੇ ਉਜਵਲ ਭਵਿੱਖ ਦਾ ਨਿਰਮਾਣ ਕਰ ਸਕਣ। ਦਫ਼ਤਰ ਦੇ ਕੈਰੀਅਰ ਕੌਂਸਲਰ ਆਦਿਤਿਆ ਰਾਣਾ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ 13 ਸੁਵਿਧਾਵਾਂ ਅਤੇ ਬੱਚਿਆਂ ਦੇ ਮਾਨਸਿਕ ਤੇ ਬੌਧਿਕ ਵਿਕਾਸ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤਰ੍ਹਾਂ ਸੀ.ਟੀ. ਗਰੁੱਪ ਆਫ਼ ਕਾਲਿਜਜ਼ ਜਲੰਧਰ ਦੇ ਸਹਾਇਕ ਪ੍ਰੋਫੈਸਰ ਅਤੇ ਕਲਚਰਲ ਅਧਿਕਾਰੀ ਦਵਿੰਦਰ ਸਿੰਘ ਵਲੋਂ ਬੱਚਿਆਂ ਨੂੰ ਬਾਰਵੀਂ ਤੋਂ ਬਾਅਦ ਦੇ ਕੋਰਸ, ਉਨ੍ਹਾਂ ਦੀ ਯੋਗਤਾ, ਦਾਖਲੇ ਦੀ ਪ੍ਰਕ੍ਰਿਆ ਤੋਂ ਇਲਾਵਾ ਵੱਖ-ਵੱਖ ਸਕਾਲਰਸ਼ਿਪ ਅਤੇ ਸਰਕਾਰ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਰਿਸੋਰਸ ਪਰਸਨ ਵਲੋਂ ਬੱਚਿਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।