*ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਸਮੂਹ ਕਾਲਜਾਂ ਦੇ ਪ੍ਰਿੰਸੀਪਲ ਦੀ ਮੀਟਿੰਗ ਕਰਕੇ ਦਿੱਤੇ ਨਿਰਦੇਸ਼ **ਕਿਹਾ, ਰੋਜ਼ਗਾਰ ਮੇਲੇ ’ਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਦੀ ਆਖਰੀ ਤਰੀਕ 14 ਸਤੰਬਰ ***ਜ਼ਿਲ੍ਹੇ ਦੀਆਂ ਵੱਖ-ਵੱਖ ਟਰੇਡਾਂ ਦੀਆਂ 3831 ਪੋਸਟਾਂ ਲਈ ਨੌਜਵਾਨ ਕਰ ਸਕਦੇ ਹਨ ਅਪਲਾਈ
ਹੁਸ਼ਿਆਰਪੁਰ / 2 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ 6ਵਾਂ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੀ ਰਜਿਸਟਰੇਸ਼ਨ ਦੀ ਆਖਰੀ ਮਿਤੀ 14 ਸਤੰਬਰ ਹੈ। ਉਹ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਸਮੂਹ ਡਿਗਰੀ, ਡਿਪਲੋਮਾ ਅਤੇ ਆਈ.ਟੀ.ਆਈ. ਦੇ ਪ੍ਰਿੰਸੀਪਲਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਹਦਾਇਤ ਕੀਤੀ ਕਿ ਉਹ ਮੇਲੇ ਵਿੱਚ ਹਿੱਸਾ ਲੈਣ ਲਈ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ 14 ਸਤੰਬਰ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਦੇ ਪੋਰਟਲ ਘਰ-ਘਰ ਰੋਜ਼ਗਾਰ ਦੀ ਵੈਬਸਾਈਟ www.pgrkam.com ’ਤੇ ਰਜਿਸਟਰੇਸ਼ਨ ਕਰਵਾਉਣ।
ਏ.ਡੀ.ਸੀ. ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਕਾਰਨ ਰੋਜ਼ਗਾਰ ਮੇਲੇ ਵਿੱਚ ਬੱਚਿਆਂ ਦੀ ਇੰਟਰਵਿਊ ਤਿੰਨ ਰੂਪਾਂ ਵਿੱਚ ਵਰਚੂਅਲ, ਫੋਨ ਕਾਲ ਰਾਹੀਂ ਜਾਂ ਛੋਟੇ-ਛੋਟੇ ਸੈਸ਼ਨ ਬਣਾ ਕੇ ਕੀਤੀ ਜਾਵੇਗੀ ਅਤੇ ਇਹ ਇੰਟਰਵਿਊ ਕੁਲ 3831 ਪੋਸਟਾਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿੱਚ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦੇ ਹੋਏ ਇੰਟਰਵਿਊ ਕਰਵਾਈ ਜਾਵੇਗੀ। ਉਨ੍ਹਾਂ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਰ ਕਾਲਜ ਘੱਟ ਤੋਂ ਘੱਟ 200 ਬੱਚਿਆਂ ਨੂੰ ਨੌਕਰੀ ਲਈ ਰਜਿਸਟਰੇਸ਼ਨ ਕਰਵਾਉਣਾ ਯਕੀਨੀ ਬਣਾਵੇ।
ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ ਨੇ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਇਸ ਮੇਲੇ ਵਿੱਚ ਬੱਚਿਆਂ ਦੀ ਸੁਵਿਧਾ ਲਈ ਜਾਂ ਕਿਸੇ ਤਰ੍ਹਾਂ ਦੀ ਪੁੱਛਗਿਛ ਲਈ ਬਿਊਰੋ ਦੇ ਹੈਲਪਲਾਈਨ ਨੰਬਰ 62801 97708 ’ਤੇ ਸੰਪਰਕ ਕੀਤਾ ਜਾ ਸਕਦਾ ਹੈ, ਜਿਸ ਨਾਲ ਦੂਰ-ਦੁਰਾਡੇ ਇਲਾਕਿਆਂ ਦੇ ਬੱਚੇ ਘਰ ਬੈਠੇ ਹੀ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸ ਮੌਕੇ ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਅਤੇ ਕੈਰੀਅਰ ਕੌਂਸਲਰ ਅਦਿਤਿਆ ਰਾਣਾ ਵੀ ਮੌਜੂਦ ਸਨ।