ਮਿਸ਼ਨ ਫਤਿਹ : ਜਾਗਰੂਕਤਾ ਨਾਲ ਹੀ ਰੋਕਿਆ ਜਾ ਸਕਦਾ ਹੈ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ: ਡਿਪਟੀ ਕਮਿਸ਼ਨਰ
*ਕੋਵਾ ਐਪ ਰਾਹੀਂ ਕੋਰੋਨਾ ਖਿਲਾਫ਼ ਜਾਗਰੂਕਤਾ ਫੈਲਾਉਣ ਵਾਲਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ **ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ 13 ਗੋਲਡ, 16 ਸਿਲਵਰ ਅਤੇ 30 ਬ੍ਰਾਂਜ ਸਰਟੀਫਿਕੇਟ ਕੀਤੇ ਹਾਸਲ
ਹੁਸ਼ਿਆਰਪੁਰ / 4 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਜਾਗਰੂਕਤਾ ਰਾਹੀਂ ਹੀ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ, ਇਸ ਲਈ ਇਸ ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਮਿਸ਼ਨ ਤੰਦਰੁਸਤ ਫਤਿਹ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ, ਜਿਸਦਾ ਉਦੇਸ਼ ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣਾ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕੋਰੋਨਾ ਮਹਾਂਮਾਰੀ ਵਿਰੁੱਧ ਮਿਸ਼ਨ ਫਤਿਹ ਤਹਿਤ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਸਟਾਫ ਨੂੰ ਸਨਮਾਨਿਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਿਭਾਗ ਵਿੱਚ ਕੰਮ ਕਰਨ ਵਾਲੇ 59 ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿਸ਼ਨ ਫਤਿਹ ਤਹਿਤ ਕੋਵਾ ਐਪ ਰਾਹੀਂ ਚਲਾਈ ਗਈ ਮੁਹਿੰਮ ਵਿੱਚ 13 ਗੋਲਡ, 16 ਸਿਲਵਰ ਅਤੇ 30 ਬ੍ਰਾਂਜ ਸਰਟੀਫਿਕੇਟ ਹਾਸਲ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ਕੋਵਾ ਐਪ ਕੋਵਿਡ-19 ਖਿਲਾਫ ਜਾਗਰੂਕਤਾ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਸਹਾਈ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਮੁਹਿੰਮ ਤਹਿਤ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਵਾ ਐਪ ’ਤੇ ਕੋਵਿਡ ਦੇ ਬਾਰੇ ਵਿੱਚ ਜਾਣਕਾਰੀ ਤਾਂ ਪ੍ਰਾਪਤ ਹੁੰਦੀ ਹੈ, ਉਥੇ ਮਿਸ਼ਨ ਫਤਿਹ ਨਾਲ ਜੁੜ ਕੇ ਅੰਕ ਵੀ ਹਾਸਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਰਮਚਾਰੀਆਂ ਨੇ ਇਸ ਯਤਨ ਰਾਹੀਂ ਕੋਰੋਨਾ ਮਹਾਂਮਾਰੀ ਵਿਰੁੱਧ ਅਪਨਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਿਥੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਉਥੇ ਉਨ੍ਹਾਂ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਉਨ੍ਹਾਂ ਨੂੰ ਮਿਸ਼ਨ ਫਤਿਹ ਨਾਲ ਵੀ ਜੋੜਿਆ ਗਿਆ ਹੈ।
ਅਪਨੀਤ ਰਿਆਤ ਨੇ ਇਸ ਦੌਰਾਨ ਗੋਲਡ ਸਰਟੀਫਿਕੇਟ ਪ੍ਰਾਪਤ ਕਰਨ ਵਾਲੀਆਂ 2 ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ, 2 ਸੁਪਰਵਾਈਜਰਾਂ ਅਤੇ 9 ਆਂਗਣਵਾੜੀ ਵਰਕਰਾਂ ਨੂੰ ਬੇਟੀ ਬਚਾਓ-ਬੇਟੀ ਪੜ੍ਹਾਓ ਯੋਜਨਾ ਤਹਿਤ ਪ੍ਰਸ਼ੰਸਾ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਯਤਨਾਂ ਨਾਲ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਸਨਮਾਨਿਤ ਹੋਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਾਥੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਇਸ ਤਰ੍ਹਾਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਕੋਰੋਨਾ ਮਹਾਂਮਾਰੀ ’ਤੇ ਜਲਦ ਫਤਿਹ ਪਾਈ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਣਜੀਤ ਕੌਰ ਵੀ ਮੌਜੂਦ ਸਨ।