ਜ਼ਿਲ੍ਹੇ ’ਚ ਸੂਚੀਬੱਧ ਨਿਜੀ ਹਸਪਤਾਲਾਂ, ਕਲੀਨਿਕਾਂ ਤੇ ਲੈਬੋਰਟਰੀਆਂ ’ਚ ਵੀ ਕੀਤੇ ਜਾਣਗੇ ਕੋਰੋਨਾ ਟੈਸਟ: ਅਪਨੀਤ ਰਿਆਤ

*ਸੂਚੀਬੱਧ ਹੋਣ ਲਈ ਹਸਪਤਾਲ, ਕਲੀਨਿਕ ਤੇ ਲੈਬੋਰਟਰੀਆਂ ਸਿਵਲ ਸਰਜਨ ਦਫ਼ਤਰ ਨਾਲ ਕਰਨ ਸੰਪਰਕ **ਨਿਜੀ ਹਸਪਤਾਲਾਂ ਨੂੰ ਰੈਪਿਡ ਐਂਟੀਜਨ ਟੈਸਟ ਲਈ ਸਿਹਤ ਵਿਭਾਗ ਵਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ ਕਿੱਟਾਂ **ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਲੋਕ
ਹੁਸ਼ਿਆਰਪੁਰ / 8 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਅਤੇ ਪਾਜੀਟਿਵ ਮਰੀਜ਼ਾਂ ਦੀ ਸਮੇਂ ਸਿਰ ਪਹਿਚਾਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹੁਣ ਜ਼ਿਲ੍ਹੇ ਵਿੱਚ ਸੂਚੀਬੱਧ ਨਿੱਜੀ ਹਸਪਤਾਲਾਂ, ਕਲੀਨਿਕਾਂ ਅਤੇ ਲੈਬੋਰਟਰੀਆਂ ਵਿੱਚ ਵੀ ਰੈਪਿਡ ਐਂਟੀਜਨ ਟੈਸਟ (ਆਰ.ਏ.ਟੀ.) ਕੀਤੇ ਜਾਣਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੋਵਿਡ-19 ਸਬੰਧੀ ਕੀਤੇ ਜਾ ਰਹੇ ਕੰਮਾਂ ਸਬੰਧੀ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਿਵਲ ਸਰਜਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ ਅਤੇ ਲੈਬੋਰਟਰੀਆਂ ਨਾਲ ਮੀਟਿੰਗ ਕਰਨ ਅਤੇ ਜੋ ਵੀ ਸਵੈ ਇੱਛਾ ਨਾਲ ਸੂਚੀਬੱਧ ਹੋਣ ਲਈ ਤਿਆਰ ਹਨ, ਉਹ ਇਸ ਪ੍ਰਕ੍ਰਿਆ ਨੂੰ ਲਾਗੂ ਕਰਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਆਰ.ਏ.ਟੀ. ਕਿੱਟਾਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਜਿਹੜੇ ਨਿੱਜੀ ਹਸਪਤਾਲਾਂ, ਕਲੀਨਿਕਾਂ ਅਤੇ ਲੈਬੋਰਟਰੀਆਂ ਨੂੰ ਸਿਹਤ ਵਿਭਾਗ ਵਲੋਂ ਮੁਫ਼ਤ ਆਰ.ਏ.ਟੀ. ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ, ਉਹ ਮਰੀਜ਼ਾਂ ਦੇ ਟੈਸਟ ਲਈ ਵੱਧ ਤੋਂ ਵੱਧ 250 ਰੁਪਏ ਲੈ ਸਕਦੇ ਹਨ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਨਿਜੀ ਹਸਪਤਾਲ, ਲੈਬ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵਲੋਂ ਮੁਫ਼ਤ ਮੁਹੱਈਆ ਕਰਵਾਈ ਗਈ ਆਰ.ਏ.ਟੀ. ਕਿੱਟਾਂ ਦੇ ਪ੍ਰਯੋਗ ਲਈ ਸਟੈਂਡਰਡ ਓਪਰੇਟਿੰਗ ਪ੍ਰੋਸਿਜਰ (ਐਸ.ਓ.ਪੀਜ਼) ਦੀ ਪਾਲਣਾ ਕਰਨ।
ਅਪਨੀਤ ਰਿਆਤ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਘਰ ਵਿੱਚ ਇਕਾਂਤਵਾਸ ਲਈ ਕੋਵਿਡ ਦੇ ਪਾਜੀਟਿਵ ਮਰੀਜ਼ਾਂ ਦੇ ਘਰਾਂ ਦੇ ਬਾਹਰ ਹੁਣ ਸਟਿਕਰ ਨਾ ਲਗਾਏ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵੀ ਕੋਵਿਡ ਪਾਜੀਟਿਵ ਮਰੀਜ ਦੀ ਨਿਜੀ ਜਾਣਕਾਰੀ ਸਿਹਤ ਅਧਿਕਾਰੀਆਂ ਤੋਂ ਇਲਾਵਾ ਕਿਸੇ ਨਾਲ ਵੀ ਸਾਂਝੀ ਨਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਸੈਂਪਲਿੰਗ ਕਰਵਾਉਣ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕ ਕੇ ਇਸ ਮਹਾਂਮਾਰੀ ’ਤੇ ਫਤਿਹ ਪਾਈ ਜਾ ਸਕੇੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ, ਡਾ. ਸੈਲੇਸ਼ ਤੋਂ ਇਲਾਵਾ ਹੋਰਤ ਅਧਿਕਾਰੀ ਵੀ ਮੌਜੂਦ ਸਨ।