6ਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ’ਚ ਹਿੱਸਾ ਲੈਣ ਲਈ 17 ਸਤੰਬਰ ਤੱਕ ਨੌਜਵਾਨ ਕਰ ਸਕਦੇ ਹਨ ਅਪਲਾਈ
ਹੁਸ਼ਿਆਰਪੁਰ / 15 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਦੁਆਰਾ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਰਾਜ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਹੁਣ ਤਕਨੀਕੀ ਕਮੀ ਨੂੰ ਦੂਰ ਕਰ ਦਿੱਤਾ ਗਿਆ ਅਤੇ ਵੈਬ ਪੋਰਟਲ www.pgrkam.com ਪੂਰੀ ਤਰ੍ਹਾਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 6ਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਾਰੀਖ ਵਧਾ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਨੌਜਵਾਨ 17 ਸਤੰਬਰ ਤੱਕ ਵੈਬ ਪੋਰਟਲ ’ਤੇ ਆਨ-ਲਾਈਨ ਬਿਨੈ ਪੱਤਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਆਨਲਾਈਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਜ਼ਿਲ੍ਹਾ ਰੋਜ਼ਗਾਰ ਬਿਊਰੋ ਮੇਲੇ ਲਈ ਬਿਨੇ ਕਰਨ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਏਗਾ। ਜ਼ਿਲ੍ਹਾ ਬਿਊਰੋ ਦੇ ਦਫ਼ਤਰ ਤੱਕ ਹੈਲਪਲਾਈਨ ਨੰਬਰਾਂ ਰਾਹੀਂ ਵੀ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੋ ਉਮੀਦਵਾਰ ਪੋਰਟਲ ’ਤੇ ਰਜਿਸਟਰਡ ਤਾਂ ਹਨ ਪਰੰਤੂ ਉਨ੍ਹਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲਬੱਧ ਖਾਲੀ ਆਸਾਮੀਆਂ ਲਈ ਖਾਸ ਤੌਰ ’ਤੇ ਬਿਨੇ ਪੱਤਰ ਨਹੀਂ ਕੀਤਾ, ਉਨ੍ਹਾਂ ਉਮੀਦਵਾਰਾਂ ਲਈ ਵੈਬ ਪੋਰਟਲ ’ਤੇ ਉਪਲਬੱਧ ਖਾਲੀ ਆਸਾਮੀਆਂ ਦੇ ਆਨਲਾਈਨ ਚੋਣ ਕਰਨ ਜਾਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਆਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।
ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਗਾਰ ਮੇਲੇ ਵਿੱਚ ਲੋਕਾਂ ਦੀ ਨਿਜੀ ਤੌਰ ’ਤੇ ਸ਼ਮੂਲੀਅਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਜਗ੍ਹਾ ’ਤੇ ਰੋਗਾਣੂ ਨਾਸ਼ਕ ਸਪਰੇਅ ਦਾ ਛਿੜਕਾਅ ਵੀ ਕੀਤਾ ਜਾਵੇਗਾ। ਇਸ ਲਈ ਨੌਕਰੀ ਦੇ ਚਾਹਵਾਨਾਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।