Site icon NewSuperBharat

ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਆਪਣੇ ਘਰ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲੋਕ: ਅਪਨੀਤ ਰਿਆਤ

*ਡਿਪਟੀ ਕਮਿਸ਼ਨਰ ਦੇ ਨਿਰਦੇਸ਼ ’ਤੇ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਫੋਗਿੰਗ ਸ਼ੁਰੂ **ਸੁਚਾਰੂ ਢੰਗ ਨਾਲ ਸ਼ਹਿਰ ਦੇ ਸਾਰੇ 50 ਵਾਰਡਾਂ ਕੀਤੇ ਜਾਣਗੇ ਕਵਰ

ਹੁਸ਼ਿਆਰਪੁਰ / 17 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਨਗਰ ਨਿਗਮ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਵਰਗੀਆਂ ਬੀਮਾਰੀਆਂ ਤੋਂ ਬਚਾਉਣ ਲਈ ਫੋਗਿੰਗ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ ’ਤੇ ਨਿਗਮ ਵਲੋਂ ਸ਼ਹਿਰ ਦੇ ਵਾਰਡਾਂ ਵਿੱਚ ਇਹ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ। ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ ਦੀ ਅਗਵਾਈ ਵਿੱਚ ਸਾਰੇ ਵਾਰਡਾਂ ਵਿੱਚ ਫੋਗਿੰਗ ਕਰਵਾਉਣ ਸਬੰਧੀ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ ਅਤੇ ਸੁਚਾਰੂ ਢੰਗ ਨਾਲ ਵਾਰਡਾਂ ਵਿੱਚ ਫੋਗਿੰਗ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਨਗਰ ਨਿਗਮ ਨੂੰ ਫੋਗਿੰਗ ਦੇ ਨਾਲ-ਨਾਲ ਸਾਰੇ ਵਾਰਡਾਂ ਵਿੱਚ ਸਫ਼ਾਈ ਪ੍ਰਬੰਧ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਨੂੰ ਘਰਾਂ ਦੀ ਚੈਕਿੰਗ ਕਰਕੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਜਿਸ ਇਲਾਕੇ ਵਿੱਚ ਵੀ ਡੇਂਗੂ ਦੇ ਕੇਸ ਸਾਹਮਣੇ ਆਉਂਦੇ ਹਨ, ਉਸ ਇਲਾਕੇ ਵਿੱਚ ਲਗਾਤਾਰ ਫੋਗਿੰਗ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ ਘਰ ਦੇ ਆਲੇ-ਦੁਆਲੇ ਨੂੰ ਸਾਫ਼ ਰੱਖਣ। ਉਨ੍ਹਾਂ ਕਿਹਾ ਕਿ ਘਰਾਂ ਅਤੇ ਦਫ਼ਤਰਾਂ ਵਿੱਚ ਹਫ਼ਤੇ ਦੇ ਇਕ ਦਿਨ ਕੂਲਰ, ਫਰਿੱਜ ਦੀ ਟਰੇਅ ਆਦਿ ਦੀ ਸਫ਼ਾਈ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਨਾਲ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਅ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਰ ਹਫ਼ਤੇ ਸਾਫ਼ ਕਰਕੇ ਸੁਕਾਇਆ ਜਾਵੇ। ਇਸ ਤੋਂ ਇਲਾਵਾ ਸਰੀਰ ਨੂੰ ਪੂਰਾ ਢੱਕਣ ਵਾਲੇ ਕੱਪੜੇ ਪਾਏ ਜਾਣ ਅਤੇ ਸੋਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ¬ਕ੍ਰੀਮਾਂ ਦਾ ਪ੍ਰਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਬਣੀ ਦੇ ਨਾਲ ਤੇਜ਼ ਬੁਖਾਰ, ਤੇਜ ਸਿਰ ਦਰਦ ਜਾਂ ਜੋੜਾਂ ਵਿੱਚ ਦਰਦ ਆਦਿ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨਜਦੀਕ ਦੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ।

ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਗਲੀਆਂ-ਮੁਹੱਲਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਨਿਗਮ ਕੋਲ 5 ਛੋਟੀਆਂ ਅਤੇ ਇਕ ਵੱਡੀ ਮਸ਼ੀਨ ਹੈ, ਜਿਸ ਨਾਲ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੋਗਿੰਗ ਕਰਵਾਈ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 13, 49 ਅਤੇ 47 ਵਿੱਚ ਫੋਗਿੰਗ ਕਰਵਾਈ ਜਾ ਚੁੱਕੀ ਹੈ।  

Exit mobile version