December 26, 2024

HOSHIARPUR ਜ਼ਿਲ੍ਹੇ ਵਿੱਚ 80 ਮੰਡੀਆਂ ’ਚ ਹੋਵੇਗੀ ਝੋਨੇ ਦੀ ਖਰੀਦ, 4.41 ਲੱਖ ਮੀਟ੍ਰਿਕ ਟਨ ਆਮਦ ਦੀ ਸੰਭਾਵਨਾ : ਅਪਨੀਤ ਰਿਆਤ

0

** ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਅਤੇ ਮੰਡੀਆਂ ’ਚ ਤਿਆਰੀਆਂ ਦਾ ਜਾਇਜ਼ਾ
**ਐਤਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 2820 ਮੀਟ੍ਰਿਕ ਟਨ ਦੀ ਆਮਦ
**ਕੋਵਿਡ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਸਿਹਤ ਸਲਾਹਕਾਰੀਆਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
**ਕਿਸਾਨਾਂ ਨੂੰ ਸੁੱਕੀ ਫ਼ਸਲ ਹੀ ਮੰਡੀਆਂ ’ਚ ਲਿਆਉਣ ਦੀ ਅਪੀਲ
**ਬਿਨ੍ਹਾਂ ਸੁਪਰ ਐਸ.ਐਮ.ਐਸ. ਲਗਾਏ ਨਹੀਂ ਚੱਲਣਗੀਆਂ ਕੰਬਾਇਨਾਂ, ਉਲੰਘਣਾ ਕਰਨ ’ਤੇ ਹੋਵੇਗੀ ਕਾਰਵਾਈ


ਹੁਸ਼ਿਆਰਪੁਰ, 28 ਸਤੰਬਰ / ਨਿਊ ਸੁਪਰ ਭਾਰਤ ਨਿਊਜ਼:

ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਰ ਕਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ 80 ਮੰਡੀਆਂ ਵਿੱਚ ਢੁਕਵੇਂ ਪ੍ਰਬੰਧ ਅਤੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਐਤਵਾਰ ਸ਼ਾਮ ਤੱਕ ਇਨ੍ਹਾਂ ਮੰਡੀਆਂ ਵਿੱਚ 2820 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ।


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਇਥੇ ਝੋਨੇ ਦੀ ਖਰੀਦ ਨਾਲ ਸਬੰਧਤ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਖਾਸ ਕਰ ਇਕ ਦੂਜੇ ਤੋਂ ਬਣਦੀ ਦੂਰੀ, ਮਾਸਕ ਪਹਿਨਣਾ ਅਤੇ ਹੋਰ ਜ਼ਰੂਰ ਸਲਾਹਕਾਰੀਆਂ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ 30 ਨਵੰਬਰ ਤੱਕ ਜਾਰੀ ਰਹੇਗੀ ਅਤੇ ਇਸ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਇਕ ਦੂਜੇ ਤੋਂ ਦੂਰੀ ਨੂੰ ਬਰਕਰਾਰ ਰੱਖਣ ਲਈ 30X30 ਫੁੱਟ ਦੇ ਬਲਾਕ ਬਣਾਏ ਗਏ ਹਨ ਤਾਂ ਜੋ ਕੋਵਿਡ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵਲੋਂ ਕਿਸਾਨਾਂ ਦੀ ਸਹੂਲਤ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਪਾਸਾਂ ਰਾਹੀਂ ਉਹ ਆਪਣੀ ਫ਼ਸਲ ਪੜਾਅਵਾਰ ਸੁਚੱਜੇ ਢੰਗ ਨਾਲ ਬਿਨ੍ਹਾਂ ਕਿਸੇ ਅੜਚਣ ਤੋਂ ਮੰਡੀਆਂ ਵਿੱਚ ਵੇਚ ਸਕਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਖਰੀਦੀ ਗਈ ਫ਼ਸਲ ਦੀ ਲਿਫਟਿੰਗ 48 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਆਦਿ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਬਣ, ਸੈਨੇਟਾਈਜ਼ਰ ਅਤੇ ਸਫਾਈ ਪ੍ਰਬੰਧਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਵਾਤਾਵਰਣ ਅਨੁਕੂਲ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤਯੋਗ ਨਹੀਂ ਹੋਵੇਗੀ।


ਜ਼ਿਲ੍ਹੇ ਦੀਆਂ ਮੰਡੀਆਂ ’ਚ 4.41 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ : ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਾਲ 4,41,576 ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ ਜੋ ਕਿ 5 ਏਜੰਸੀਆਂ ਐਫ.ਸੀ.ਆਈ., ਮਾਰਕਫੈਡ, ਵੇਅਰ ਹਾਊਸਿੰਗ, ਪਨਸਪ ਅਤੇ ਪਨਗਰੇਨ ਵਲੋਂ ਖਰੀਦਿਆਂ ਜਾਵੇਗਾ। ਇਸ ਸਾਲ ਕੇਂਦਰ ਸਰਕਾਰ ਵਲੋਂ 1888 ਰੁਪਏ ਦੀ ਐਮ.ਐਸ.ਪੀ. ਤੈਅ ਕੀਤੀ ਗਈ ਹੈ।
ਕਿਸਾਨਾਂ ਨੂੰ ਸੁੱਕੀ ਫ਼ਸਲ ਲਿਆਉਣ ਦੀ ਅਪੀਲ : ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸਹੂਲਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਨੂੰ ਹੀ ਤਰਜ਼ੀਹ ਦੇਣ ਤਾਂ ਜੋ ਉਨ੍ਹਾਂ ਦੀ ਫ਼ਸਲ ਘੱਟੋ-ਘੱਟ ਸਮੇਂ ਵਿੱਚ ਵਿਕ ਜਾਵੇ।

ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਨਹੀਂ ਚੱਲਣਗੀਆਂ ਕੰਬਾਇਨਾਂ : ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬਿਨ੍ਹਾਂ ਸੁਪਰ ਐਸ.ਐਮ.ਐਸ. ਲਗਾਏ ਕੰਬਾਇਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਇਸ ਦੀ ਉਲੰਘਣਾ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀ ਰਜਨੀਸ਼ ਕੌਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *