December 26, 2024

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ **ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀ ਦੁੱਖ ਪ੍ਰਗਟਾਇਆ

0

*ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਕਪੂਰ ਦੀ ਮੌਤ ’ਤੇ ਅਫਸੋਸ ਜਾਹਰ ਕੀਤਾ **ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ / 29 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਕਰੋਨਾ ਵਾਇਰਸ ਕਾਰਨ ਚੱਲ ਵਸੇ। ਉਹ 70 ਵਰਿ੍ਹਆਂ ਦੇ ਸਨ।

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਸ਼ਵਨੀ ਕਪੂਰ ਨੂੰ ਇਕ ਸਮਰਪਿਤ ਪੱਤਰਕਾਰ ਤੇ ਚੰਗੇ ਇਨਸਾਨ ਦੱਸਿਆ ਜਿਨ੍ਹਾਂ ਨੇ ਚਾਰ ਦਹਾਕਿਆਂ ਦੇ ਲੰਮੇ ਸਮੇਂ ਦੌਰਾਨ ਪੱਤਰਕਾਰੀ ਪ੍ਰਤੀ ਆਪਣੇ ਫਰਜ਼ ਨਿਡਰਤਾ ਅਤੇ ਪੇਸ਼ੇਵਰਾਨਾ ਕਦਰਾਂ ਕੀਮਤਾਂ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਸ੍ਰੀ ਕਪੂਰ ਦੇ ਤੁਰ ਜਾਣ ਨਾਲ ਪੱਤਰਕਾਰੀ ਦੇ ਖੇਤਰ ਵਿੱਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਕਪੂਰ ਹੁਸ਼ਿਆਰਪੁਰ ਵਿਖੇ ਪੰਜਾਬ ਕੇਸਰੀ ਦੇ ਸੀਨੀਅਰ ਕਾਰਸਪੌਡੈਂਟ ਵਜੋਂ ਕੰਮ ਕਰ ਰਹੇ ਸਨ। ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ ਲਈ ਅਰਦਾਸ ਕੀਤੀ।

ਇਸ ਦੌਰਾਨ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੀ ਮੌਤ ’ਤੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਸ੍ਰੀ ਅਸ਼ਵਨੀ ਕਪੂਰ ਵਲੋਂ ਪੱਤਰਕਾਰੀ ਦੇ ਖੇਤਰ ਵਿੱਚ ਲਾਮਿਸਾਲ ਸੇਵਾਵਾਂ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸ੍ਰੀ ਕਪੂਰ ਨੇ ਬਹੁਤ ਲੰਬਾ ਅਰਸਾ ਇਕ ਸਰਗਰਮ ਪੱਤਰਕਾਰ ਵਜੋਂ ਵਿਚਰਦਿਆਂ ਪੱਤਰਕਾਰੀ ਦੇ ਖੇਤਰ ਵਿੱਚ ਨਵੀਆਂ ਪੈੜਾਂ ਪਾਉਂਦਿਆਂ ਨਾਮਣਾ ਖੱਟਿਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ੇ। 

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਸ਼ਵਨੀ ਕਪੂਰ ਦੇ ਤੁਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਪੂਰ ਵੱਲੋਂ ਪੱਤਰਕਾਰ ਦੇ ਤੌਰ ’ਤੇ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ ਜਿਨ੍ਹਾਂ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਵੀ ਸ੍ਰੀ ਕਪੂਰ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Leave a Reply

Your email address will not be published. Required fields are marked *