ਹੁਸ਼ਿਆਰਪੁਰ, 8 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੀਆਂ ਸਾਰੀਆਂ ਮੁੱਖ ਸੜਕਾਂ ਅਤੇ ਗਲੀਆਂ ਨੂੰ ਪਹਿਲ ਦੇ ਆਧਾਰ ’ਤੇ ਬਣਾਇਆ ਜਾ ਰਿਹਾ ਹੈ। ਉਹ ਵਾਰਡ ਨੰਬਰ 10 ਦੇ ਸੰਤ ਹਰਚੰਦ ਸਿੰਘ ਲੋਂਗੋਵਾਲ ਨਗਰ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 10 ਵਿੱਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸੜਕ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਦੀ ਗਤੀ ਨੂੰ ਤੇਜ ਕਰ ਦਿੱਤਾ ਗਿਆ ਹੈ ਅਤੇ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਿਸ਼ੇਸ਼ ਯਤਨ ਕਰ ਰਹੀ ਹੈ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਾਰੀਆਂ ਜ਼ਰੂਰੀ ਸਾਵਧਾਨੀਆਂ ਅਪਣਾਉਂਦੇ ਹੋਏ ਯੋਜਨਾਬੱਧ ਤਰੀਕੇ ਨਾਲ ਨਿਰਮਾਣ ਕਾਰਜ ਕਰਵਾਏ ਜਾਣ ਅਤੇ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਇਸ ਲਈ ਸੜਕ ਨਿਰਮਾਣ ਕੰਮ ਵਿੱਚ ਜੇਕਰ ਕਿਸੇ ਤਰ੍ਹਾਂ ਦੀ ਕੋਤਾਹੀ ਸਾਹਮਣੇ ਆਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅਪੀਲ ਕਰਦਿਆਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਕੋਵਿਡ-19 ਦੇ ਚੱਲਦੇ ਸਾਰੇ ਲੋਕ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸਾਵਧਾਨੀ ਅਪਣਾ ਕੇ ਹੀ ਇਸ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਅਤੇ ਮਿਸ਼ਨ ਫਤਿਹ ਵਿੱਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਡਾ. ਐਸ.ਪੀ ਠਾਕੁਰ, ਖੁਸ਼ਬੀਰ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸ਼ਰਮਾ, ਚੈਨ ਸਿੰਘ, ਜਾਗੀਰ ਸਿੰਘ, ਸੁਰਿੰਦਰ ਸੈਣੀ, ਰਣਜੀਤ ਸਿੰਘ ਸੈਣੀ, ਮਦਨ ਸਿੰਘ ਬੈਂਸ, ਕਮਾਨ ਸਿੰਘ ਠਾਕੁਰ, ਗੁਲਸ਼ਨ ਰਾਏ, ਸੁਲੀਸ਼ ਜੈਨ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।