ਸਟੇਟ ਅਵਾਰਡ ਟੂ ਫਿਜੀਕਲ ਹੈਂਡੀਕੈਪਡ 2020-21 ਲਈ 20 ਅਕਤੂਬਰ ਤੋਂ ਪਹਿਲਾਂ ਕਰਨ ਅਪਲਾਈ : ਡਿਪਟੀ ਕਮਿਸ਼ਨਰ
ਦਿਵਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ ਦਿਵਆਂਗਜਨ ਵਿਅਕਤੀ, ਕਰਮਚਾਰੀ, ਖਿਡਾਰੀ ਅਤੇ ਸੰਸਥਾਵਾਂ ਕਰ ਸਕਦੀਆਂ ਹਨ ਅਪਲਾਈ
ਹੁਸ਼ਿਆਰਪੁਰ, 13 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿਨ੍ਹਾਂ ਦਿਵਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਵਲੋਂ ਦਿਵਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ, ਨੂੰ ਹਰ ਸਾਲ 3 ਦਸੰਬਰ ਨੂੰ ਸਟੇਟ ਅਵਾਰਡ ਟੂ ਫਿਜੀਕਲ ਹੈਂਡੀਕੈਪਡ ਨਾਲ ਅੰਤਰਰਾਸ਼ਟਰੀ ਦਿਵਆਂਗ ਦਿਵਸ ਮੌਕੇ ਸਨਮਾਨਿਤ ਕੀਤਾ ਜਾਂਦਾ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਦਿਵਆਂਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਤੋਂ ਬਿਨੇ ਪੱਤਰ ਮੰਗੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟੇਟ ਅਵਾਰਡ ਟੂ ਫਿਜੀਕਲ ਹੈਂਡੀਕੈਪਡ 2020-21 ਲਈ ਯੋਗ ਬਿਨੇਕਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੋਂ ਨਿਰਧਾਰਤ ਪ੍ਰੋਫਾਰਮੇ ਪ੍ਰਾਪਤ ਕਰ ਸਕਦੇ ਹਨ ਅਤੇ ਹਰ ਪੱਖੋਂ ਮੁਕੰਮਲ ਪ੍ਰੋਫਾਰਮਾ ਉਨ੍ਹਾਂ ਦੇ ਦਫ਼ਤਰ ਵਿੱਚ 20 ਅਕਤੂਬਰ ਤੋਂ ਪਹਿਲਾਂ-ਪਹਿਲਾਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੇ ਪੱਤਰਾਂ ’ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਪ੍ਰਾਪਤ ਬਿਨੇ ਪੱਤਰਾਂ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀ ਅਗਵਾਈ ਹੇਠ ਗਠਨ ਕੀਤੀ ਗਈ ਕਮੇਟੀ ਵਲੋਂ ਸਿਫਾਰਸ਼ਾਂ ਦੇ ਆਧਾਰ ’ਤੇ ਸੂਬਾ ਪੱਧਰੀ ਕਮੇਟੀ ਨੂੰ ਭੇਜਿਆ ਜਾਵੇਗਾ ਅਤੇ ਉਸ ਆਧਾਰ ’ਤੇ ਸਟੇਟ ਅਵਾਰਡੀਆਂ ਦੀ ਚੋਣ ਕੀਤੀ ਜਾਵੇਗੀ।