November 22, 2024

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦਾ ਹੁਕਮ ਜਾਰੀ

0

 
ਹੁਸ਼ਿਆਰਪੁਰ, 29 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:


               ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਅਨੁਸਾਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।


        ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿਤੀ ਗਈ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਚਲਾਉਣਗੇ।


ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਇਹ ਹੁਕਮ 23 ਦਸੰਬਰ 2020 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *