***ਕੈਬਨਿਟ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ’ਤੇ ਹੁਸ਼ਿਆਰਪੁਰ ਦੇ ਪੰਜ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਸੌਂਪ ਕੇ ਕੀਤੀ ਸ਼ੁਰੂਆਤ
***ਕਿਹਾ, ਸਿੱਖਿਆ ਦੇ ਖੇਤਰ ’ਚ ਮੁੱਖ ਮੰਤਰੀ ਵਲੋਂ ਉਠਾਏ ਗਏ ਕਦਮਾਂ ਨੂੰ ਹਮੇਸ਼ਾਂ ਰੱਖਿਆ ਜਾਵੇਗਾ ਯਾਦ
ਹੁਸ਼ਿਆਰਪੁਰ, 31 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦਾ ਇਤਿਹਾਸਕ ਦਿਨ ਸੂਬੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਵਸ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸ.ਸੀ. ਵਿਦਿਆਰਥੀਆਂ ਦੀ ਸਿੱਖਿਆ ਨੂੰ ਬੜਾਵਾ ਦੇਣ ਲਈ ਜੋ ਕਦਮ ਉਠਾਏ ਹਨ, ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਹ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਭਗਵਾਨ ਵਾਲਮੀਕਿ ਜੈਯੰਤੀ ’ਤੇ ਪੰਜਾਬ ਵਿੱਚ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਤੋਂ ਬਾਅਦ ਹੁਸ਼ਿਆਰਪੁਰ ਦੇ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਇਸ ਸਕੀਮ ਦੇ ਸਰਟੀਫਿਕੇਟ ਭੇਟ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅੱਜ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੇ 5 ਹੋਣਹਾਰ ਵਿਦਿਆਰਥੀਆਂ ਸਹਿੰਕਾ ਵਾਲੀਆ, ਰੂਬੀ, ਮੋਹਿਤ ਸਰੋਆ, ਗੁਰਪਾਲ ਮਹੇ ਅਤੇ ਜਸ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਤੋਂ ਬਾਅਦ ਜਿਥੇ ਐਸ.ਸੀ. ਵਿਦਿਆਰਥੀਆਂ ਦੇ ਮਨ ਵਿੱਚ ਆਪਣੀ ਸਿੱਖਿਆ ਨੂੰ ਲੈ ਕੇ ਬਹੁਤ ਚਿੰਤਾ ਸੀ, ਉਥੇ ਸਿੱਖਿਆ ਦੇ ਪੱਧਰ ਨੂੰ ਉਠਾਉਣ ਵਿੱਚ ਵੀ ਦਿੱਕਤ ਆ ਰਹੀ ਸੀ। ਇਸ ਸਮੱਸਿਆ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਕੇਂਦਰ ਦੀ ਇਸ ਸਕੀਮ ਨੂੰ ਅਡਾਪਟ ਕਰ ਲਿਆ ਅਤੇ ਅੱਜ ਪੂਰੇ ਸੂਬੇ ਵਿੱਚ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸਕੀਮ ਸੈਸ਼ਨ 2020-21 ਤੋਂ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਐਸ.ਸੀ. ਵਿਦਿਆਰਥੀਆਂ ਤੱਕ ਇਸ ਸਕੀਮ ਦਾ ਪੂਰਾ ਲਾਭ ਪਹੁੰਚਾਉਣ ਲਈ ਇਸ ਸਕੀਮ ਤਹਿਤ ਪਰਿਵਾਰ ਦੀ ਆਮਦਨ ਸੀਮਾ 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਹੈ, ਜਿਸ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਅਨੁਸੂਚਿਤ ਜਾਤੀ ਤੋਂ ਇਲਾਵਾ ਚੰਡੀਗੜ੍ਹ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਵੀ ਕਵਰ ਕੀਤੇ ਜਾਣਗੇ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਸਿੱਖਿਆ ਦਾ ਪੱਧਰ ਹੋਰ ਉਚਾ ਉਠੇਗਾ। ਇਸ ਦੌਰਾਨ ਉਨ੍ਹਾਂ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੁੰ ਅਪੀਲ ਕੀਤੀ ਕਿ ਉਹ ਲੋਕਾਂ ਵਿੱਚ ਜਾ ਕੇ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਗਰੂਕਤਾ ਲਈ ਹਰ ਸੰਭਵ ਯਤਨ ਕਰਨ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਪੜ੍ਹਾਈ ਲਈ ਸਕਾਲਰਸ਼ਿਪ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ। ਇਸ ਤਹਿਤ ਸਰਕਾਰੀ ਅਤੇ ਨਿਜੀ ਵਿਦਿਅਕ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਲਾਭ ਸਕਣਗੇ। ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਪੱਧਰ ’ਤੇ ਮਨਾਏ ਗਏ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਸਬੰਧੀ ਸਮਾਗਮ ਦਾ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਸਿੱਧਾ ਪ੍ਰਸਾਰਣ ਕੀਤਾ ਗਿਆ ਉਥੇ ਸੰਗਤਾਂ ਨੇ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਸਾਹਿਬ ਤੋਂ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਸਬੰਧੀ ਹੋਏ ਸਮਾਗਮ ਨੂੰ ਦੇਖਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਾਰਕਤਾ ਅਫ਼ਸਰ ਰਜਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।