December 22, 2024

ਸੁੰਦਰ ਸ਼ਾਮ ਅਰੋੜਾ ਵਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਪੈਸ਼ਲ ਕੋਵਿਡ ਆਈਸੋਲੇਸ਼ਨ ਵਾਰਡ ਦਾ ਉਦਘਾਟਨ *** ਜਨਵਰੀ ’ਚ ਸ਼ੁਰੂ ਹੋਵੇਗੀ ਮੈਡੀਕਲ ਕਾਲਜ ਦੀ ਉਸਾਰੀ, ਰਾਮ ਕਾਲੋਨੀ ਕੈਂਪ ’ਚ 8 ਏਕੜ ਜਗ੍ਹਾ ਉਪਲਬਧ

0

ਹੁਸ਼ਿਆਰਪੁਰ, 13 ਨਵੰਬਰ / ਨਿਊ ਸੁਪਰ ਭਾਰਤ ਨਿਊਜ਼ :


ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ ਸਥਾਨਕ ਸਿਵਲ ਹਸਪਤਾਲ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਪੈਸ਼ਲ ਕੋਵਿਡ ਆਈਸੋਲੇਸ਼ਨ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਨਵਰੀ ਮਹੀਨੇ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਕੀਤੀ ਜਾ ਰਹੀ ਹੈ।

ਉਦਘਾਟਨ ਉਪਰੰਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਪੈਸ਼ਲ ਕੋਵਿਡ ਆਈਸੋਲੇਸ਼ਨ ਵਾਰਡ ਦਾ ਦੌਰਾ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ 50 ਬੈਡਾਂ ਦੀ ਸਹੂਲਤ ਵਾਲੇ ਇਸ ਸੈਂਟਰ ਵਿੱਚ ਵੈਂਟੀਲੇਟਰ ਵਾਲੇ ਵਿਸ਼ੇਸ਼ ਬੈਡ, ਪ੍ਰਾਰਥਨਾ ਰੂਮ, ਬੱਚਿਆਂ, ਬਜ਼ੁਰਗਾਂ ਆਦਿ ਲਈ ਵੱਖਰੇ-ਵੱਖਰੇ ਵਾਰਡਾਂ ਦਾ ਪ੍ਰਬੰਧ ਹੈ ਤਾਂ ਜੋ ਕੋਰੋਨਾ ਵਾਇਰਸ ਦਾ ਹੋਰ ਵੀ ਅਸਰਦਾਰ ਢੰਗ ਨਾਲ ਇਲਾਜ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਸੈਂਟਰ ਕੋਰੋਨਾ ਨਾਲ ਜੂਝ ਰਹੇ ਲੈਵਲ-2 ਦੇ ਮਰੀਜ਼ਾਂ ਦੇ ਇਲਾਜ ਲਈ ਬਹੁਤ ਲਾਭਦਾਇਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿੱਚ ਲੋੜੀਂਦੇ ਡਾਕਟਰੀ ਅਮਲੇ ਅਤੇ ਸਟਾਫ ਦੀ ਢੁਕਵੀਂ ਵਿਵਸਥਾ ਵੀ ਕੀਤੀ ਗਈ ਹੈ ਤਾਂ ਜੋ ਲੋੜ ਪੈਣ ’ਤੇ ਕੋਵਿਡ ਦੇ ਮਰੀਜ਼ਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕੋਵਿਡ ਆਈਸੋਲੇਸ਼ਨ ਵਾਰਡ ਵਿੱਚ ਹਰ ਬੈਡ ’ਤੇ ਕੋੋਰੋਨਾ ਮਰੀਜ਼ਾਂ ਲਈ ਵਿਸ਼ੇਸ਼ ਕੋਵਿਡ ਕਿੱਟਾਂ ਦਾ ਵੀ ਖਾਸ ਇੰਤਜਾਮ ਹੈ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਸਰਕਾਰੀ ਮੈਡੀਕਲ ਕਾਲਜ ਦੀ ਉਸਾਰੀ ਜਨਵਰੀ ਮਹੀਨੇ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਨੂੰ ਮੈਡੀਕਲ ਕਾਲਜ ਪ੍ਰੋਜੈਕਟ ਤਹਿਤ 300 ਬੈਡਾਂ ਦਾ  ਕੀਤਾ ਜਾ ਰਿਹਾ ਹੈ ਜਦਕਿ ਇਸੇ ਤਹਿਤ ਸਥਾਨਕ ਰਾਮ ਕਾਲੋਨੀ ਕੈਂਪ ਵਿੱਚ 8 ਏਕੜ ਜਗ੍ਹਾ ਮੁਹੱਈਆ ਕਰਵਾਈ ਗਈ ਹੈ ਜਿਥੇ ਕਾਲਜ, ਹੋਸਟਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।

ਕੈਂਸਰ ਹਸਪਤਾਲ ਪ੍ਰਾਜੈਕਟ ਨੂੰ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਡਿਜਾਈਨ ਅੰਤਮ ਪੜਾਅ ’ਤੇ ਹੈ ਅਤੇ ਇਸ ਸਬੰਧੀ ਫੰਡ ਵੀ ਉਪਲਬੱਧ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਵੀ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ।
ਡਾਕਟਰਾਂ ਦੀ ਘਾਟ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾਕਟਰਾਂ ਦੀ ਭਰਤੀ ਮੁਕੰਮਲ ਕਰ ਲਈ ਗਈ ਹੈ ਅਤੇ 350 ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ ਅਤੇ ਜਲਦ ਹੀ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਲੋੜੀਂਦੀ ਗਿਣਤੀ ਪੂਰੀ ਹੋਵੇਗੀ।

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜੀਅ-ਜਾਨ ਨਾਲ ਸੇਵਾਵਾਂ ਦੇਣ ਲਈ ਉਦਯੋਗ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਵਲ ਹਸਪਤਾਲ ਦੇ ਸਮੁੱਚੇ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਮਿਸ਼ਨ ਫਤਿਹ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਮੱਦੇਨਜ਼ਰ ਭਵਿੱਖ ਵਿੱਚ ਵੀ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹੁੰਦੀਆਂ ਸਿਹਤ ਸਲਾਹਕਾਰੀਆਂ ਦੀ ਇੰਨ-ਬਿੰਨ ਪਾਲਣਾ ਕਰਨ ਤਾਂ ਜੋ ਮਿਸ਼ਨ ਫਤਿਹ ਨੂੰ ਹੋਰ ਕਾਮਯਾਬ ਕੀਤਾ ਜਾ ਸਕੇ।


ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਕੇਸ਼ ਮਰਵਾਹਾ, ਐਸ.ਡੀ.ਐਮ ਅਮਿਤ ਮਹਾਜਨ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ. ਡਾ. ਜਸਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *