ਕੈਬਨਿਟ ਮੰਤਰੀ ਅਰੋੜਾ ਨੇ ਬੱਸ ਸਟੈਂਡ ਤੋਂ ਹੋਟਲ ਪ੍ਰੈਜੀਡੈਂਸੀ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ***ਕਰੀਬ 23 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ ਸੀਮੇਂਟਿਡ ਸੜਕ
ਹੁਸ਼ਿਆਰਪੁਰ / 15 ਨਵੰਬਰ / ਨਿਊ ਸੁਪਰ ਭਾਰਤ ਨਿਊਜ਼:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਇਸੇ ਕੜੀ ਤਹਿਤ ਹੁਸ਼ਿਆਰਪੁਰ ਵਿੱਚ ਵੀ ਬੁਨਿਆਦੀ ਢਾਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਹਰ ਜ਼ਰੂਰੀ ਸੁਵਿਧਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਉਹ ਬੱਸ ਸਟੈਂਡ ਦੇ ਸਾਹਮਣੇ ਤੋਂ ਹੋਟਲ ਪ੍ਰੈਜੀਡੈਂਸੀ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਰੀਬ 23 ਲੱਖ ਰੁਪਏ ਦੀ ਲਾਗਤ ਨਾਲ ਇਹ ਸੜਕ ਸੀਮੇਂਟਿਡ ਰੋਡ ਬਣ ਰਹੀ ਹੈ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਵਿੱਚ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਕਾਰਜ ਦੀ ਗੁਣਵੱਤਾ ਦੇ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਾਰੀਆਂ ਮੁੱਖ ਸੜਕਾਂ ਅਤੇ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰੁਪਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜਿਥੇ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾ ਰਹੇ ਹਨ, ਉਥੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਓਪਨ ਜਿੰਮ ਵੀ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਮਨਿੰਦਰ ਕੌਰ, ਕਸ਼ਮੀਰ ਸਿੰਘ, ਰਮੇਸ਼ ਡਡਵਾਲ, ਹਰੀਸ਼ ਆਨੰਦ ਆਦਿ ਵੀ ਮੌਜੂਦ ਸਨ।