December 22, 2024

ਕੋਰੋਨਾ ਵਾਇਰਸ ਨੂੰ ਹਲਕੇ ’ਚ ਨਾ ਲੈਣ ਲੋਕ, ਵਰਤਣ ਪੂਰੀ ਸਾਵਧਾਨੀ : ਅਪਨੀਤ ਰਿਆਤ

0


***ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ
***ਲੋਕਾਂ ਨੂੰ ਮਾਸਕ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ
***ਕਿਹਾ, ਦੁਨੀਆ ਤੇ ਦੇਸ਼ ਦੇ ਕੁਝ ਹਿੱਸਿਆਂ ’ਚ ਕੋਰੋਨਾ ਦੇ ਮਰੀਜ਼ਾਂ ਦੀ ਸੰਖਿਆ ਫਿਰ ਵਧੀ, ਇਸ ਲਈ ਪਹਿਲੇ ਤੋਂ ਵਧੇਰੇ ਸਾਵਧਾਨੀਆਂ ਅਪਨਾਉਣ ਲੋਕ

ਹੁਸ਼ਿਆਰਪੁਰ, 19 ਨਵੰਬਰ / ਨਿਊ ਸੁਪਰ ਭਾਰਤ ਨਿਊਜ਼:


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਜ਼ਰੂਰੀ ਸਾਵਧਾਨੀਆਂ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਵਿਡ ਅਜੇ ਖਤਮ ਨਹੀਂ ਹੋਇਆ ਹੈ ਜਦਕਿ ਪੂਰੀ ਦੁਨੀਆਂ ਤੋਂ ਇਲਾਵਾ ਦੇਸ਼ ਵਿੱਚ ਵੀ ਕਈ ਥਾਵਾਂ ’ਤੇ ਇਸ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਲਈ ਸਾਨੂੰ ਪਹਿਲੇ ਤੋਂ ਵੱਧ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਹ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਵਧਾਨੀ ਅਪਨਾ ਕੇ ਹੀ ਅਸੀਂ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚ ਸਕਦੇ ਹਾਂ।


ਕੋਵਿਡ ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 7 ਹਾਟਸਪਾਟ ਹਨ ਅਤੇ ਰੋਜ਼ਾਨਾ ਜ਼ਿਲ੍ਹੇ ਵਿੱਚ 1500 ਤੋਂ 1600 ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ, ਇਸ ਵਿੱਚ ਫਲੂ ਨਾਲ ਸਬੰਧਤ ਬੀਮਾਰੀਆਂ ਵੀ ਵੱਧਣ ਦੀ ਸਭਾਵਨਾ ਹੈ, ਇਸ ਲਈ ਕੋਵਿਡ ਦੇ ਵੱਧਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਸਮੇਂ-ਸਮੇਂ ’ਤੇ ਸਾਬਣ ਜਾਂ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕਰਨਾ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਨੂੰ ਅਪਨਾਉਂਦੇ ਰਹੀਏ ਅਤੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਈਏ।

ਅਪਨੀਤ ਰਿਆਤ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਲਗਭਗ ਖਤਮ ਹੋ ਚੁੱਕੇ ਹਨ। ਇਸ ਸਮੇਂ ਲੋਕ ਭੀੜਭਾੜ ਵਾਲੇ ਸਥਾਨਾਂ ’ਤੇ ਜਾਣ ਤੋਂ ਬਚਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ਵਿੱਚ ਵਿਸ਼ੇਸ਼ ਕੋਵਿਡ ਵਾਰਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 50 ਬੈਡਾਂ ਵਾਲੇ ਇਸ ਵਿਸ਼ੇਸ਼ ਵਾਰਡ ਵਿੱਚ ਪੁਰਸ਼ਾਂ, ਮਹਿਲਾਵਾਂ, ਵਿਸ਼ੇਸ਼ ਨਾਗਰਿਕਾਂ ਅਤੇ ਬੱਚਿਆਂ ਲਈ ਵੱਖ-ਵੱਖ ਵਿਵਸਥਾ ਹੈ ਅਤੇ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕਰ ਲਏ ਗਏ ਹਨ।

ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਦ ਤੱਕ ਕੋਰੋਨਾ ਦੀ ਕੋਈ ਵੈਕਸੀਨ ਨਹੀਂ ਆ ਜਾਂਦੀ, ਉਦੋਂ ਤੱਕ ਲੋਕ ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਤਾਂ ਹੀ ਇਸ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਮਾਸਕ ਪਹਿਨਣ ਨੂੰ ਲੈ ਕੇ ਪਿਛਲੇ ਦਿਨ ਜੋ ਮੁਹਿੰਮ ਚਲਾਈ ਗਈ ਸੀ, ਉਸ ਦੇ ਕਾਫ਼ੀ ਸਫਲਤਾਪੂਰਵਕ ਨਤੀਜੇ ਦੇਖਣ ਨੂੰ ਮਿਲੇ ਹਨ। ਇਸ ਲਈ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮਾਸਕ ਪਹਿਨਣ ਨੂੰ ਲੈ ਕੇ ਪ੍ਰਸ਼ਾਸਨ ਫਿਰ ਤੋਂ ਸਖਤ ਕਦਮ ਉਠਾਏਗਾ ਤਾਂ ਜੋ ਲੋਕਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।

Leave a Reply

Your email address will not be published. Required fields are marked *