ਹੁਣ ਤੱਕ 482.88 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਕਣਕ ਦੀ ਆਨ-ਲਾਈਨ ਅਦਾਇਗੀ **ਅੱਜ ਤੱਕ ਜ਼ਿਲ੍ਹੇ ’ਚ ਹੋਈ 2,86,546 ਮੀਟਰਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ
*ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ
ਹੁਸ਼ਿਆਰਪੁਰ / 15 ਮਈ / ਏਨ ਏਸ ਬੀ ਨਿਉਜ
ਕੋਵਿਡ-19 ਦੇ ਮੱਦੇਨਜ਼ਰ ਜਿਥੇ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ, ਉਥੇ ਕਣਕ ਦੀ ਸੁਚਾਰੂ ਢੰਗ ਨਾਲ ਖਰੀਦ ਵੀ ਯਕੀਨੀ ਬਣਾਈ ਗਈ ਹੈ, ਜਿਸ ਸਦਕਾ ਜ਼ਿਲ੍ਹੇ ਵਿੱਚ 482.88 ਕਰੋੜ ਰੁਪਏ ਦੀ ਆਨ-ਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱÎਸਿਆ ਕਿ ਹੁਣ ਤੱਕ ਚ 482.88 ਕਰੋੜ ਰੁਪਏ ਦੀ ਅਦਾਇਗੀ ਆਨ-ਲਾਈਨ ਮਾਧਿਅਮ ਰਾਹੀਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਜਿਥੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਜਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ 20 ਮੰਡੀਆਂ ਦਾ ਵਾਧਾ ਕਰਦਿਆਂ ਕੁੱਲ 84 ਖਰੀਦ ਕੇਂਦਰ ਬਣਾਏ ਗਏ ਸਨ, ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਦੌਰਾਨ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮੰਡੀਆਂ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਲਈ ਮਾਸਕ ਅਤੇ ਸੈਨੇਟਾਈਜਰ ਦੀ ਸਹੂਲਤ ਸਮੇਤ ਰੋਗਾਣੂ ਮੁਕਤ ਸਪਰੇਅ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 2,86,546 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 64,243 ਮੀਟਰਕ ਟਨ, ਮਾਰਕਫੈਡ ਵਲੋਂ 62,598, ਪਨਸਪ ਵਲੋਂ 58,363, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 35,807, ਐਫ.ਸੀ.ਆਈ ਵਲੋਂ 63,728 ਅਤੇ ਪ੍ਰਾਈਵੇਟ ਵਪਾਰੀਆਂ 1807 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪਿਛਲੇ ਸਾਲ ਅੱਜ ਦੇ ਦਿਨ ਤੱਕ 2,72,333 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਅਤੇ ਇਸ ਸਾਲ ਅੱਜ ਦੇ ਦਿਨ ਤੱਕ 2,86,546 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਕੰਟਰੋਲ ਰੂਮ ਨੰਬਰ 01882-222663 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ, ਬਲਕਿ ਖੇਤੀਬਾੜੀ ਵਿਭਾਗ ਵਲੋਂ ਇਜ਼ਾਦ ਕੀਤੀਆਂ ਆਧੁਨਿਕ ਮਸ਼ੀਨਾਂ ਰਾਹੀਂ ਖੇਤਾਂ ਵਿੱਚ ਹੀ ਦਬਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।